ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 18 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਏਕਤਾ ਲਈ ਇੱਕ ਫਾਰਮੂਲਾ ਪੇਸ਼ ਕਰਦਿਆਂ ਕਿਹਾ ਕਿ ਅਕਾਲੀ ਸੋਚ ਨੂੰ ਪਰਨਾਏ ਪੰਜ ਮੈਂਬਰਾਂ ਦੀ ਕਮੇਟੀ ਬਣਾਈ ਜਾਵੇ, ਜੋ ਸਾਰੀਆਂ ਪੰਥਕ ਧਿਰਾਂ ਨੂੰ ਪ੍ਰਵਾਨ ਹੋਵੇ। ਉਨ੍ਹਾਂ ਕਿਹਾ ਕਿ ਸਾਰੀਆਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਲਈ ਯਤਨ ਕਰਨੇ ਚਾਹੀਦੇ ਹਨ। ਢੀਂਡਸਾ ਅੱਜ ਇੱਥੇ ਗੁਰਦੁਆਰਾ ਨਾਨਕਿਆਣਾ ਸਾਹਿਬ ਦੇ ਦੀਵਾਨ ਹਾਲ ਵਿੱਚ ਪਾਰਟੀ ਦੇ ਮਾਲਵਾ ਜ਼ੋਨ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਵਿੱਚ ਮੁਹਾਲੀ, ਸੰਗਰੂਰ, ਫਤਹਿਗੜ੍ਹ ਸਾਹਿਬ, ਪਟਿਆਲਾ, ਬਰਨਾਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਢੀਂਡਸਾ ਨੇ ਕਿਹਾ ਕਿ ਅਕਾਲੀ ਵਿਚਾਰਧਾਰਾ ਹੀ ਪੰਥ ਤੇ ਪੰਜਾਬ ਦੇ ਹਿੱਤਾਂ ਦੀ ਪੈਰਵੀ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਇਸ ਸੋਚ ਨੂੰ ਖੁੰਡੀ ਕਰਨ ਦੇ ਅੰਦਰੋਂ-ਬਾਹਰੋਂ ਯਤਨ ਹੋਏ। ਪੰਥਕ ਏਜੰਡਿਆਂ ਅਤੇ ਅਕਾਲੀ ਸਿਧਾਂਤਾਂ ਉੱਤੇ ਪਹਿਰਾ ਦੇਣ ਵਾਲੇ ਆਗੂਆਂ ਨੂੰ ਲਾਂਭੇ ਕਰ ਕੇ ਅਕਾਲੀ ਦਲ ’ਤੇ ਕਾਬਜ਼ ਲੋਕਾਂ ਨੇ ਪਾਰਟੀ ਨੂੰ ਕਮਜ਼ੋਰ ਕਰ ਦਿੱਤਾ ਹੈ, ਜਿਸ ਦਾ ਖਮਿਆਜ਼ਾ ਪੰਥ ਅਤੇ ਪੰਜਾਬੀਆਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਅਕਾਲੀ ਸੋਚ ਵਾਲੇ ਨੌਜਵਾਨਾਂ ਨੂੰ ਅੱਗੇ ਲਿਆਉਣ ਦਾ ਵੇਲਾ ਹੈ। ਪਾਰਟੀ ਪ੍ਰਧਾਨ ਨੇ ‘ਆਪ’ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਸੂਬਾ ਸਰਕਾਰ ਤਿੰਨ ਮਹੀਨਿਆਂ ਵਿੱਚ ਹੀ ਫੇਲ੍ਹ ਸਾਬਿਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਅੰਦਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਤੇ ਸਿਮਰਨਜੀਤ ਸਿੰਘ ਮਾਨ ਦੀ ਜਿੱਤ ਨੇ ਪੰਥਕ ਏਜੰਡਿਆਂ ਅਤੇ ਅਕਾਲੀ ਸਿਧਾਂਤਾਂ ’ਤੇ ਪਹਿਰਾ ਦੇਣ ਸਬੰਧੀ ਲਏ ਫ਼ੈਸਲਿਆਂ ਨੂੰ ਸਹੀ ਸਾਬਿਤ ਕੀਤਾ ਹੈ।