ਹੰਡਿਆਇਆ ’ਚ ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਆਗੂ ਕੁਲਵੰਤ ਸਿੰਘ ਕੀਤੂ ਨੇ ਪੰਜਾਬ ਸਰਕਾਰ ਨੂੰ ਘੇਰਿਆ
ਪੀੜਤ ਪਰਿਵਾਰਾਂ ਨਾਲ ਪ੍ਰੈੱਸ ਕਾਨਫ਼ਰੰਸ ਕਰਕੇ ਚੁੱਕੇ ਸਵਾਲ; ਕਿਹਾ- ਸਰਕਾਰੀ ਦਾਅਵਿਆਂ ਦੇ ਬਾਵਜੂਦ ਨੌਜਵਾਨ ਗੁਆ ਰਹੇ ਨੇ ਜਾਨਾਂ
ਕਸਬਾ ਹੰਡਿਆਇਆ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ ਨੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਨਸ਼ਿਆਂ ਕਾਰਨ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਅਤੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਇਸ ਦੇ ਬਾਵਜੂਦ ਹੰਡਿਆਇਆ ਵਿੱਚ ਵੱਡੀ ਗਿਣਤੀ ਪਰਿਵਾਰ ਨਸ਼ਿਆਂ ਦੀ ਮਾਰ ਝੱਲ ਰਹੇ ਹਨ।
ਕਈ ਪਰਿਵਾਰਾਂ ਦੇ ਨੌਜਵਾਨ ਨਸ਼ਿਆਂ ਕਾਰਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਿਸ ਕਾਰਨ ਉਨ੍ਹਾਂ ਦੇ ਘਰਾਂ ਵਿੱਚ ਸੋਗ ਅਤੇ ਨਿਰਾਸ਼ਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਸਿਰਫ਼ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨ ਦੀ ਲੋੜ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।

