ਡਰੱਗ ਮਾਫੀਆ ਨੂੰ ਬਚਾਉਣ ਲੱਗੇ ਅਕਾਲੀ ਆਗੂ: ਚੀਮਾ
ਆਤਿਸ਼ ਗੁਪਤਾ
ਚੰਡੀਗੜ੍ਹ, 2 ਜੁਲਾਈ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ’ਤੇ ਦੋਸ਼ ਲਗਾਇਆ ਕਿ ਅਕਾਲੀ ਦਲ ਦੇ ਆਗੂਆਂ ਵੱਲੋਂ ਡਰੱਗ ਮਾਫੀਆ ਨੂੰ ਬਚਾਉਣ ਲਈ ਨਿਆਂਪਾਲਿਕਾ ਤੇ ਜਾਂਚ ਏਜੰਸੀਆਂ ’ਤੇ ਦਬਾਅ ਪਾਇਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਅੱਜ ਜਦੋਂ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ ਤਾਂ ਅਕਾਲੀ ਆਗੂ ਵੱਲੋਂ ਨਿਆਂਇਕ ਕਾਰਵਾਈ ਨੂੰ ਪ੍ਰਭਾਵਿਤ ਕਰਨ ਅਤੇ ਜੱਜਾਂ, ਪੁਲੀਸ ਅਧਿਕਾਰੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਚੀਫ਼ ਜਸਟਿਸ ਨੂੰ ਬੇਨਤੀ ਕੀਤੀ ਕਿ ਉਹ ਇਸ ਮਾਮਲੇ ਦਾ ਨੋਟਿਸ ਲੈਣ ਅਤੇ ਨਿਆਂਇਕ ਅਧਿਕਾਰੀਆਂ ਤੇ ਜਾਂਚਕਰਤਾਵਾਂ ਨੂੰ ਅਜਿਹੀਆਂ ਧਮਕੀਆਂ ਅਤੇ ਡਰਾਉਣ-ਧਮਕਾਉਣ ਨੂੰ ਰੋਕਣ ਲਈ ਢੁਕਵੇਂ ਨਿਰਦੇਸ਼ ਜਾਰੀ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਾਨੂੰਨ ਵਿਵਸਥਾ ਵਿੱਚ ਕੋਈ ਵਿਘਨ ਨਹੀਂ ਪੈਣ ਦੇਵੇਗੀ।
ਸ੍ਰੀ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਦੋਂਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵਰਗੀਆਂ ਰਵਾਇਤੀ ਪਾਰਟੀਆਂ ਸਪੱਸ਼ਟ ਤੌਰ ’ਤੇ ਪ੍ਰੇਸ਼ਾਨ ਹਨ ਅਤੇ ਡਰੱਗ ਮਾਫੀਆ ਦਾ ਸਾਥ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ 2007 ਤੋਂ 2017 ਤੱਕ ਅਕਾਲੀ ਰਾਜ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਆਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਥਾਪਨਾ 1920 ਵਿੱਚ ਸਿੱਖ ਧਰਮ, ਗੁਰਦੁਆਰਿਆਂ ਅਤੇ ਪੰਥਕ ਕਦਰਾਂ-ਕੀਮਤਾਂ ਦੀ ਰਾਖੀ ਲਈ ਕੀਤੀ ਗਈ ਸੀ ਪਰ ਅੱਜ ਸੁਖਬੀਰ ਸਿੰਘ ਬਾਦਲ ਪੰਥ ਦੀ ਥਾਂ ਪਰਿਵਾਰ ਬਚਾਉਣ ਵਿੱਚ ਲੱਗੇ ਹੋਏ ਹਨ।
ਵਿਜੀਲੈਂਸ ਕੋਲ ਮਜੀਠੀਆ ਵਿਰੁੱਧ ਸਬੂਤ ਬੇਹੱਦ ਮਜ਼ਬੂਤ: ਕਟਾਰੂਚੱਕ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਦਾਲਤ ਵੱਲੋਂ ਵਿਜੀਲੈਂਸ ਨੂੰ ਬਿਕਰਮ ਮਜੀਠੀਆ ਦਾ ਚਾਰ ਦਿਨ ਦਾ ਹੋਰ ਰਿਮਾਂਡ ਦੇਣ ਦਾ ਮਤਲਬ ਹੈ ਕਿ ਜਾਂਚ ਸਹੀ ਦਿਸ਼ਾ ਵੱਲ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਨੂੰ ਜਾਂਚ ਦੌਰਾਨ ਬਹੁਤ ਹੀ ਹੈਰਾਨ ਕਰਨ ਵਾਲੇ ਤੱਥ ਮਿਲੇ ਹਨ ਜੋ ਅੱਜ ਅਦਾਲਤ ਵਿੱਚ ਵੀ ਪੇਸ਼ ਕੀਤੇ ਗਏ। ਜਾਂਚ ਤੋਂ ਪਤਾ ਲੱਗਿਆ ਕਿ ਮਜੀਠੀਆ ਨੇ ਬਹੁਤ ਸਾਰੀਆਂ ਜਾਇਦਾਦਾਂ ਬਾਰੇ ਜਾਣਕਾਰੀ ਲੰਬੇ ਸਮੇਂ ਤੋਂ ਛੁਪਾਈ ਰੱਖੀ ਸੀ ਕਿਉਂਕਿ ਇਹ ਲੁੱਟੇ ਗਏ ਪੈਸੇ ਤੋਂ ਬਣਾਈਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਪਰਿਵਾਰ ਵੱਲੋਂ ਚੋਣ ਕਮਿਸ਼ਨ ਨੂੰ ਦਿੱਤੇ ਗਏ ਜਾਇਦਾਦ ਦੇ ਵੇਰਵਿਆਂ ਵਿੱਚ ਸ਼ਿਮਲਾ ਵਿੱਚ 0.56 ਹੈਕਟੇਅਰ ਜ਼ਮੀਨ ਦਾ ਜ਼ਿਕਰ ਕੀਤਾ ਗਿਆ ਸੀ, ਜੋ ਕਿ ਮਜੀਠੀਆ ਦੀ ਪਤਨੀ ਦੇ ਨਾਮ ’ਤੇ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਜ਼ਮੀਨ ਦੱਸੀ ਗਈ ਜਾਣਕਾਰੀ ਤੋਂ ਲਗਪਗ 1000 ਗੁਣਾ ਵੱਧ ਹੈ।