ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 18 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਵੱਲੋਂ ਮੁਲਕ ਉਪਰ ਜਬਰੀ ਥੋਪੇ ਖੇਤੀ ਬਿੱਲਾਂ ਨੂੰ ਅਕਾਲੀਆਂ ਦੀ ਭਾਈਵਾਲੀ ਵਾਲੀ ਭਾਜਪਾ ਦੀ ਐੱਨਡੀਏ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ ਕਰਾਰ ਦਿੱਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਭ ਕੁਝ ਵਾਪਰਨ ਦੇ ਬਾਵਜੂਦ ਅਕਾਲੀ ਆਪਣੇ ਸੂਬੇ ਅਤੇ ਲੋਕਾਂ ਦੀ ਕੀਮਤ ‘ਤੇ ਬੇਸ਼ਰਮੀ ਨਾਲ ਗੱਠਜੋੜ ਦਾ ਭਾਈਵਾਲ ਬਣੇ ਹੋਏ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਰਚੂਅਲ ਕਿਸਾਨ ਮੇਲੇ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਨੇ ਕਿਹਾ,”ਮੈਨੂੰ ਨਹੀਂ ਪਤਾ ਕਿ ਭਾਜਪਾ ਅਤੇ ਅਕਾਲੀਆਂ ਦੀ ਪੰਜਾਬ ਨਾਲ ਕੀ ਦੁਸ਼ਮਣੀ ਹੈ ਅਤੇ ਉਹ ਸਾਨੂੰ ਤਬਾਹ ਕਰਨ ‘ਤੇ ਕਿਉਂ ਤੁਲੇ ਹੋਏ ਹਨ? ਇਹ ਮੇਲਾ ਆਨਲਾਈਨ ਸੰਪਰਕ ਨਾਲ 100 ਥਾਵਾਂ ‘ਤੇ ਹੋਇਆ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਕਿਸਾਨਾਂ, ਕਿਸਾਨ ਨੁਮਾਇੰਦਿਆਂ ਅਤੇ ਹੋਰ ਭਾਈਵਾਲਾਂ ਨੇ ਸ਼ਿਰਕਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਮੁੜ ਚਿਤਾਵਨੀ ਦਿੱਤੀ ਕਿ ਇਹ ਕਾਨੂੰਨ ਸਰਹੱਦੀ ਸੂਬੇ ਦੇ ਲੋਕਾਂ ਵਿੱਚ ਰੋਹ ਵਿੱਚ ਭਾਵਨਾ ਪੈਦਾ ਕਰਨਗੇ ਜਿਸ ਨਾਲ ਪਾਕਿਸਤਾਨ ਨੂੰ ਹੋਰ ਅੱਗ ਭੜਕਾਉਣ ਦਾ ਮੌਕਾ ਮਿਲ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ ਪੁੱਛਿਆ ਕਿ ਇਨ੍ਹਾਂ ਖੇਤੀ ਬਿੱਲਾਂ ਅਤੇ ਪਾਣੀ ਦੇ ਸੰਵੇਦਨਸ਼ੀਲ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਨਾਲ ਖੜ੍ਹਨ ਵਿੱਚ ਨਾਕਾਮ ਕਿਉਂ ਰਿਹਾ। ਉਨ੍ਹਾਂ ਨੇ ਅਕਾਲੀਆਂ ਨੂੰ ਕਿਹਾ,”ਕੀ ਤੁਸੀਂ ਇਕ ਵਾਰ ਵੀ ਸੋਚਿਆ ਕਿ ਖੇਤੀ ਅਤੇ ਪਾਣੀ ਤੋਂ ਬਿਨਾਂ ਪੰਜਾਬ ਨਾਲ ਕੀ ਵਾਪਰੇਗਾ?” ਉਨ੍ਹਾਂ ਕਿਹਾ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦਾ ਲਟਕ ਰਿਹਾ, ਹਾਲਾਤ ਖ਼ਤਰਨਾਕ ਹਨ ਅਤੇ ਅਕਾਲੀ ਦਲ ਨੇ ਸਿਰਫ ਖੇਤੀ ਆਰਡੀਨੈਂਸਾਂ ਦਾ ਸਮਰਥਨ ਕਰਕੇ ਸੰਕਟ ਵਧਾਉਣ ਵਿੱਚ ਯੋਗਦਾਨ ਪਾਇਆ।