ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਤਿੰਨ ਕਾਲੇ ਖੇਤੀ ਕਾਨੂੰਨ ਮੁੜ ਲਾਗੂ ਕਰਨ ਦੀ ਸ਼ਰਤ ’ਤੇ ਸ਼੍ਰੋਮਣੀ ਅਕਾਲੀ ਦਲ ਨਾਲ ਗੱਠਜੋੜ ਕਰਨ ਦੀ ਤਿਆਰੀ ’ਚ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀਆਂ ਜਾਨਾਂ ਗਈਆਂ ਸਨ। ਪੰਜਾਬ ਦੇ ਲੋਕ ਆਪਣੇ ਸ਼ਹੀਦ ਕਿਸਾਨਾਂ ਦੀਆਂ ਕੁਰਬਾਨੀਆਂ ਨੂੰ ਭੁੱਲ ਕੇ ਭਾਜਪਾ ਨੂੰ ਵੋਟ ਨਹੀਂ ਪਾਉਣਗੇ। ਮੁੱਖ ਭਗਵੰਤ ਮਾਨ ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿੱਚ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਸਿਰਫ਼ ਸੱਤਾ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤਿਆਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਗੱਠਜੋੜ ਦਾ ਕੋਈ ਵਿਚਾਰਧਾਰਕ ਆਧਾਰ ਜਾਂ ਲੋਕ ਭਲਾਈ ਦਾ ਏਜੰਡਾ ਨਹੀਂ, ਸਗੋਂ ਇਸ ਦਾ ਮਕਸਦ ਸੱਤਾ ਹਾਸਲ ਕਰਨਾ ਹੈ।
ਉਨ੍ਹਾਂ ਕਾਂਗਰਸ ਨੂੰ ਅੰਦਰੂਨੀ ਕਲੇਸ਼ ਨਾਲ ਜੂਝਦੀ ਹੋਈ ਪਾਰਟੀ ਕਰਾਰ ਦਿੱਤਾ। ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਾਈਆਂ।
ਖੇਤੀਬਾੜੀ ’ਵਰਸਿਟੀ ਵਿੱਚ ਹੌਰਟੀਕਲਚਰ ਸੈਂਟਰ ਨੂੰ ਮਨਜ਼ੂਰੀ
ਚੰਡੀਗੜ੍ਹ (ਟਨਸ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਬਾਗ਼ਬਾਨੀ ਨੂੰ ਮਜ਼ਬੂਤ ਕਰਨ ਲਈ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੇ ਆਈ ਸੀ ਏ) ਦੇ ਸਹਿਯੋਗ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿੱਚ ਹੌਰਟੀਕਲਚਰ ਨਾਲਿਜ ਸੈਂਟਰ ਸਥਾਪਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਵਿੱਚ 1300 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾਣ ਵਾਲੇ ਪ੍ਰਾਜੈਕਟ ਨਾਲ ਬਾਗਬਾਨੀ ਦਾ ਵਿਸਥਾਰ ਕੀਤਾ ਜਾਵੇਗਾ।

