ਅਕਾਲੀ ਮਹਿਲਾ ਵਰਕਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਪੰਜਾਬ ਦੀ ਅਗਵਾਈ ਹੇਠ ਸੈਂਕੜੇ ਮਹਿਲਾ ਵਰਕਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਵਰਕਰਾਂ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਅਪਸ਼ਬਦ ਬੋਲੇ ਹਨ ਜਿਸ ਖ਼ਿਲਾਫ਼ ਮਹਿਲਾ ਵਰਕਰਾਂ ਨੂੰ ਸੜਕਾਂ ’ਤੇ ਉਤਰਨਾ ਪਿਆ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਇਸ ਸਬੰਧੀ ਮੁਆਫ਼ੀ ਮੰਗਣ।
ਇਸ ਤੋਂ ਪਹਿਲਾਂ ਅਕਾਲੀ ਦਲ ਦੀਆਂ ਮਹਿਲਾ ਵਰਕਰਾਂ ਇੱਥੇ ਜ਼ੀਰਕਪੁਰ-ਬਠਿੰਡਾ ਕੌਮੀ ਹਾਈਵੇਅ ’ਤੇ ਸੰਗਰੂਰ-ਪਟਿਆਲਾ ਬਾਈਪਾਸ ਦੇ ਓਵਰਬ੍ਰਿਜ ਹੇਠਾਂ ਇਕੱਠੀਆਂ ਹੋਈਆਂ ਅਤੇ ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕੀਤਾ। ਜਦੋਂ ਉਹ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜੀਆਂ ਤਾਂ ਪੁਲੀਸ ਨੇ ਬੈਰੀਕੇਡ ਲਾ ਕੇ ਰੋਕ ਦਿੱਤਾ। ਇਸ ਦੌਰਾਨ ਮਹਿਲਾ ਵਰਕਰਾਂ ਦੀ ਪੁਲੀਸ ਨਾਲ ਧੱਕਾ-ਮੁੱਕੀ ਵੀ ਹੋਈ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਬੀਬਾ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਅਪਸ਼ਬਦ ਬੋਲੇ ਹਨ ਜਿਸ ਦਾ ਇਸਤਰੀ ਵਿੰਗ ਨੇ ਸਖਤ ਨੋਟਿਸ ਲਿਆ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਆਪਣੇ ਅਹੁਦੇ ਦੀ ਮਰਿਆਦਾ ਵੀ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਜਿੱਥੇ ਆਪਣੇ ਅਹੁਦੇ ਦਾ ਮਾਣ-ਸਨਮਾਨ ਘਟਾਇਆ ਹੈ, ਉੱਥੇ ਔਰਤ ਵਰਗ ਦੇ ਮਾਣ-ਸਨਮਾਨ ਨੂੰ ਵੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ-ਇੱਕ ਹਜ਼ਾਰ ਤਾਂ ਕੀ ਦੇਣਾ ਸੀ, ਉਲਟਾ ਔਰਤ ਵਰਗ ਦਾ ਅਪਮਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸੱਤਾ ਵਿੱਚ ਆਏ ਚਾਰ ਸਾਲ ਹੋਣ ਵਾਲੇ ਹਨ ਅਤੇ ਪ੍ਰਤੀ ਔਰਤ ਦਾ ਕਰੀਬ 48 ਹਜ਼ਾਰ ਰੁਪਿਆ ਬਣਦਾ ਹੈ। ਉਨ੍ਹਾਂ ਕਿਹਾ ਕਿ ਵਾਅਦੇ ਅਨੁਸਾਰ ਸਰਕਾਰ ਨੂੰ ਇਹ ਪੈਸਾ ਔਰਤਾਂ ਨੂੰ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਹਰਸਿਮਰਤ ਬਾਦਲ ਖ਼ਿਲਾਫ਼ ਅਪਸ਼ਬਦ ਲਈ ਮੁੱਖ ਮੰਤਰੀ ਮੁਆਫ਼ੀ ਮੰਗਣ। ਇਸ ਮੌਕੇ ਮਹਿਲਾ ਆਗੂ ਪਰਮਜੀਤ ਕੌਰ ਵਿਰਕ, ਕਰਮਜੀਤ ਕੌਰ ਸਮਾਓ, ਜਸਵਿੰਦਰ ਕੌਰ ਜਪਜੀ, ਜਗਰੂਪ ਕੌਰ ਸੰਧੂ, ਜਸਪਾਲ ਕੌਰ ਬਾਰਨ, ਗੁਰਪ੍ਰੀਤ ਕੌਰ ਸਿਬੀਆ, ਜਸਵਿੰਦਰ ਕੌਰ, ਗੁਰਮੀਤ ਕੌਰ ਬੱਲ, ਰੁਪਿੰਦਰ ਕੌਰ, ਕਿਰਨਪਾਲ ਕੌਰ, ਜਸਵੀਰ ਕੌਰ ਜੱਸੀ ਆਦਿ ਮੌਜੂਦ ਸਨ।