ਅਕਾਲੀ ਵਰਕਰ ਪੰਜਾਬ ਸਰਕਾਰ ਦੇ ਝੂਠ ਦਾ ਭਾਂਡਾ ਚੌਰਾਹੇ ’ਚ ਭੰਨ੍ਹਣ: ਸੁਖਬੀਰ
ਅਕਾਲੀ ਦਲ ਦੇ ਪ੍ਰਧਾਨ ਨੇ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਕੀਤਾ ਸੰਬੋਧਨ
ਗੁਰਿੰਦਰ ਸਿੰਘ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਝੂਠ ਦਾ ਭਾਂਡਾ ਚੌਰਾਹੇ ਵਿੱਚ ਭੰਨਣ ਲਈ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਨ। ਉਹ ਅੱਜ ਅਕਾਲੀ ਆਗੂ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਪ੍ਰਿਤਪਾਲ ਸਿੰਘ ਦੇ ਸਲੇਮ ਟਾਬਰੀ ਸਥਿਤ ਦਫ਼ਤਰ ਵਿੱਚ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਤੱਕ ਦੀ ਸਭ ਤੋਂ ਝੂਠੀ ਅਤੇ ਲੋਕ ਵਿਰੋਧੀ ਸਰਕਾਰ ਸਾਬਤ ਹੋਈ ਹੈ। ਸ੍ਰੀ ਬਾਦਲ ਨੇ ਕਿਹਾ ਕਿ ਇਹ ਲੋਕ ਆਪਣੀ ਪਾਰਟੀ ਦੇ ਦਿੱਲੀ ਤੋਂ ਭਗੌੜੇ ਹੋਏ ਆਗੂਆਂ ਦੇ ਇਸ਼ਾਰੇ ’ਤੇ ਪੰਜਾਬ ਦੀ ਜਨਤਾ ਨੂੰ ਗੁਮਰਾਹ ਕਰ ਕੇ ਮੁੜ 2027 ਵਿੱਚ ਸਰਕਾਰ ਬਣਾਉਣਾ ਚਾਹੁੰਦੇ ਹਨ ਪਰ ‘ਆਪ’ ਆਗੂਆਂ ਦਾ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸ਼੍ੋਮਣੀ ਅਕਾਲੀ ਦਲ ਦੇ ਸੂਰਬੀਰ ਯੋਧਿਆਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਹਰ ਸੰਭਵ ਮਦਦ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ, ਜਦਕਿ ਪੰਜਾਬ ਦੇ ਮੁੱਖ ਮੰਤਰੀ ਲੋਕਾਂ ਦੀ ਮਦਦ ਕਰਨ ਦੀ ਥਾਂ ਬਿਮਾਰੀ ਦਾ ਬਹਾਨਾ ਬਣਾ ਕੇ ਹਸਪਤਾਲ ਦਾਖ਼ਲ ਹੋ ਗਏ। ਇਸ ਮੌਕੇ ਪ੍ਰਿਤਪਾਲ ਸਿੰਘ ਪ੍ਰਧਾਨ ਨੇ ਸੁਖਬੀਰ ਬਾਦਲ ਨੂੰ ਭਰੋਸਾ ਦਿੱਤਾ ਕਿ ਉਹ ਵਰਕਰਾਂ ਨੂੰ ਲਾਮਬੰਦ ਕਰਕੇ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਕਮਲ ਚੇਤਲੀ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋ ਵੀ ਹਾਜ਼ਰ ਸਨ।