ਹੜ੍ਹਾਂ ਤੋਂ ਰਾਹਤ ਲਈ ਅਕਾਲੀਆਂ ਵੱਲੋਂ ਅਕਾਲ ਤਖ਼ਤ ਅੱਗੇ ਅਰਦਾਸ
ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਲੈਂਡ ਪੂਲਿੰਗ ਸਕੀਮ ਰੱਦ ਹੋਣ ’ਤੇ ਅੱਜ ਸ੍ਰੀ ਅਕਾਲ ਤਖਤ ਦੇ ਸਨਮੁੱਖ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੀ ਸਮੱਸਿਆ ਤੋਂ ਨਿਜਾਤ ਵਾਸਤੇ ਗੁਰੂ ਘਰ ਵਿੱਚ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਵਿਚ ਆਏ ਹੜ੍ਹਾਂ ਪਿੱਛੇ ‘ਆਪ’ ਸਰਕਾਰ ਅਤੇ ਮੁੱਖ ਮੱਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਅੱਜ ਪਾਰਟੀ ਲੀਡਰਸ਼ਿਪ ਇਕੱਠੀ ਹੋ ਕੇ ਇੱਥੇ ਸ੍ਰੀ ਅਕਾਲ ਤਖਤ ਪੁੱਜੀ ਅਤੇ ਅਰਦਾਸ ਕੀਤੀ। ਇਸ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਆਪ’ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਡੱਟ ਕੇ ਵਿਰੋਧ ਕੀਤਾ ਗਿਆ, ਜਿਸ ਦੇ ਸਿੱਟੇ ਵਜੋਂ ਆਪ ਸਰਕਾਰ ਨੂੰ ਇਹ ਲੈਂਡ ਪੂਲਿੰਗ ਨੀਤੀ ਰੱਦ ਕਰਨੀ ਪਈ ਹੈ।
ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਸਮੇਂ ਸਿਰ ਹੜ੍ਹਾਂ ਤੋਂ ਪਹਿਲਾਂ ਬੰਨ੍ਹ ਮਜ਼ਬੂਤ ਕਰਨ ਦਾ ਕੰਮ ਕੀਤਾ ਹੁੰਦਾ, ਦਰਿਆਵਾਂ ਅਤੇ ਨਹਿਰਾਂ ਨੂੰ ਮਜ਼ਬੂਤ ਕੀਤਾ ਹੁੰਦਾ ਤਾਂ ਅੱਜ ਇਹ ਸਥਿਤੀ ਨਾ ਹੁੰਦੀ। ਉਨ੍ਹਾਂ ਰੋਸ ਪ੍ਰਗਟਾਇਆ ਕਿ ਪੰਜਾਬ ਤੋਂ ਪਾਣੀ ਮੰਗਣ ਵਾਲੇ ਸੂਬਿਆਂ ਨੇ ਹੁਣ ਪੰਜਾਬ ਵਿੱਚ ਆਏ ਹੜ੍ਹਾਂ ਦੇ ਸਮੇਂ ਸੂਬੇ ਦੇ ਲੋਕਾਂ ਦਾ ਹਾਲ ਪੁੱਛਣ ਦਾ ਵੀ ਹੌਸਲਾ ਨਹੀਂ ਕੀਤਾ। ਉਨ੍ਹਾਂ ਦੁੱਖ ਪ੍ਰਗਟਾਇਆ ਕਿ ਕੇਂਦਰ ਸਰਕਾਰ ਵੱਲੋਂ ਵੀ ਸਾਰ ਨਹੀਂ ਲਈ ਗਈ।
ਉਨ੍ਹਾਂ ਸੂਬਾ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਹੜ੍ਹ ਪੀੜਤਾਂ ਨੂੰ ਸਮੇਂ ਸਿਰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਨਹੀਂ ਤਾਂ ਇੱਕ ਮਹੀਨੇ ਬਾਅਦ ਸ਼੍ਰੋਮਣੀ ਅਕਾਲੀ ਦਲ ਇਸ ਸਬੰਧੀ ਸੰਘਰਸ਼ ਦੀ ਰਣਨੀਤੀ ਉਲੀਕੇਗਾ।
ਸੁਖਬੀਰ ਬਾਦਲ ਤਰਨ ਤਾਰਨ ਜ਼ਿਮਨੀ ਚੋਣ ਲਈ ਸਰਗਰਮ
ਤਰਨ ਤਾਰਨ (ਗੁਰਬਖਸ਼ਪੁਰੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਹੋਣ ਵਾਲੀ ਉੱਪ ਚੋਣ ਲਈ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਪ੍ਰਚਾਰ ਕਰਨ ਦੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ ਦੂਜੇ ਦਿਨ ਵੀ ਇਲਾਕੇ ਦੇ ਪਿੰਡ ਮਾਲੂਵਾਲ, ਛਿਛਰੇਵਾਲ, ਰਾਮਰੌਨੀ ਅਤੇ ਝਬਾਲ ਵਿੱਚ ਬੂਥ ਪੱਧਰ ਦੀਆਂ ਮੀਟਿੰਗਾਂ ਕੀਤੀਆਂ। ਇਕੱਠ ਨੂੰ ਸੰਬੋਧਨ ਕਰਦਿਆਂ ਸੁਖਬੀਰ ਬਾਦਲ ਨੇ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਦੇ ਪਰਿਵਾਰ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ| ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਉਮੀਦਵਾਰ ਸੁਖਵਿੰਦਰ ਕੌਰ ਦੇ ਮੁਕਾਬਲੇ ਅਕਾਲੀ ਦਲ ਨੂੰ ਛੱਡ ਕੇ ਕੁਰਸੀ ਦੀ ਖਾਤਰ ‘ਆਪ’ ਵਿੱਚ ਸ਼ਾਮਲ ਹੋਏ ਹਰਮੀਤ ਸਿੰਘ ਤੋਂ ਇਲਾਵਾ ਕਾਂਗਰਸ ਪਾਰਟੀ ਨੂੰ ਇਸ ਚੋਣ ਵਿੱਚ ਠੁਕਰਾਉਣ ਦੀ ਅਪੀਲ ਕੀਤੀ| ਪਾਰਟੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ ਵੀ ਸੰਬੋਧਨ ਕੀਤਾ, ਉਨ੍ਹਾਂ ਲੋਕਾਂ ਨੂੰ ਸੂਬੇ ਦੀ ਭਲਾਈ ਲਈ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਦੀ ਅਪੀਲ ਕੀਤੀ।