ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੂਨ
ਜੂਨ 1984 ਵਿੱਚ ਵਾਪਰੇ ਸਾਕਾ ਨੀਲਾ ਤਾਰਾ ਫ਼ੌਜੀ ਹਮਲੇ ਦੇ ਸ਼ਹੀਦਾਂ ਦੀ ਯਾਦ ਵਿੱਚ ਅੱਜ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੀ ਆਰੰਭਤਾ ਹੋਈ, ਜਿਸ ਦਾ ਭੋਗ ਛੇ ਜੂਨ ਨੂੰ ਪਵੇਗਾ। ਅਖੰਡ ਪਾਠ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਅਕਾਲ ਤਖ਼ਤ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਅਕਾਲ ਤਖ਼ਤ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ ਛੇ ਜੂਨ ਨੂੰ ਹੋਵੇਗਾ।
ਇਸ ਦੌਰਾਨ ਗੋਲੀ ਨਾਲ ਵਿੰਨ੍ਹੇ ਪਾਵਨ ਸਰੂਪ ਨੂੰ ਦੂਜੇ ਦਿਨ ਵੀ ਦਰਸ਼ਨਾਂ ਲਈ ਰੱਖਿਆ ਗਿਆ। ਜੂਨ 1984 ਦੇ ਘੱਲੂਘਾਰੇ ਮੌਕੇ ਇਹ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਸੀ।