ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਮਾਰਚ
ਕਿਸਾਨੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆ ਚੁੱਕੇ ਸਮੂਹ ਕਿਸਾਨਾਂ ਨਮਿੱਤ ਅਰਦਾਸ ਤੇ ਸ਼ਰਧਾਂਜਲੀ ਸਮਾਗਮ 24 ਮਾਰਚ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਹੋਵੇਗਾ। ਇਸ ਸਬੰਧੀ ਅੱਜ ਸਿੱਖ ਜਥੇਬੰਦੀ ਸਿੱਖ ਯੂਥ ਆਫ਼ ਪੰਜਾਬ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਆਰੰਭ ਕਰਵਾਏ ਗਏ ਹਨ। ਇਸ ਮੌਕੇ ਨਵਰੀਤ ਸਿੰਘ ਦੇ ਦਾਦਾ ਹਰਦੀਪ ਸਿੰਘ ਡਬਿਡਬਿਾ, ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ, ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਦੇਵ ਸਿੰਘ ਸਿਰਸਾ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਅਕਾਲੀ ਦਲ ਦੇ ਆਗੂ ਦਇਆ ਸਿੰਘ ਕੱਕੜ ਮੌਜੂਦ ਸਨ। ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਸਮੂਹ ਕਿਸਾਨ ਹਿਤੈਸ਼ੀਆਂ ਨੂੰ 24 ਮਾਰਚ ਨੂੰ ਅਰਦਾਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।