ਗੁਰਦੁਆਰਾ ਧੋਬੜੀ ਸਾਹਿਬ ਅਸਾਮ ’ਚ ਅਖੰਡ ਪਾਠ ਆਰੰਭ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਧੋਬੜੀ ਸਾਹਿਬ ਅਸਾਮ ਵਿੱਚ ਅੱਜ ਅਖੰਡ ਪਾਠ ਆਰੰਭ ਹੋ ਗਏ। ਇੱਥੋਂ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਅੱਜ ਗੁਰਬਾਣੀ ਕੀਰਤਨ ਮਗਰੋਂ ਆਰੰਭਤਾ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਲਿਆ। ਜ਼ਿਕਰਯੋਗ ਹੈ ਕਿ 20 ਅਗਸਤ ਰਾਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਵਿੱਚ ਗੁਰਮਤਿ ਸਮਾਗਮ ਹੋਣਗੇ ਅਤੇ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਣੇ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਣਗੀਆਂ।
ਉਨ੍ਹਾਂ ਕਿਹਾ ਕਿ 21 ਅਗਸਤ ਨੂੰ ਸਵੇਰੇ ਸ਼ਹੀਦੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ, ਜੋ ਭਾਰਤ ਦੇ ਵੱਖ-ਵੱਖ 20 ਸੂਬਿਆਂ ਤੋਂ ਪੜਾਅ ਦਰ ਪੜਾਅ ਹੁੰਦਾ ਹੋਇਆ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਮਾਪਤ ਹੋਵੇਗਾ। ਅਖੰਡ ਪਾਠ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਇੰਚਾਰਜ ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸਤਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਹਾਜ਼ਰ ਸਨ।