ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਸਬੰਧੀ ਅਖੰਡ ਪਾਠ ਆਰੰਭ
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ ਵਿੱਚ ਸੁੰਦਰ ਸਜਾਵਟ ਅਤੇ ਹੋਰ ਤਿਆਰੀਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਅੱਜ ਅਖੰਡ ਪਾਠ ਆਰੰਭ ਕੀਤੇ ਗਏ। ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਉਣ ਦਾ ਕੰਮ ਵੀ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਰੇਲਵੇ ਸਟੇਸ਼ਨ ਵਿੱਚ ਵੀ ਫੁੱਲਾਂ ਦੀ ਸਜਾਵਟ ਕੀਤੀ ਗਈ ਹੈ। ਅੱਠ ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਆਰੰਭ ਕੀਤਾ ਗਿਆ, ਜਿਸ ਦਾ ਭੋਗ 8 ਅਕਤੂਬਰ ਨੂੰ ਪਾਇਆ ਜਾਵੇਗਾ।
ਇਸ ਮੌਕੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 7 ਅਕਤੂਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 7 ਅਕਤੂਬਰ ਨੂੰ ਰਾਤ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਰਾਗ ਦਰਬਾਰ, ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ। 8 ਅਕਤੂਬਰ ਨੂੰ ਸਾਰਾ ਦਿਨ ਧਾਰਮਿਕ ਦੀਵਾਨ ਸਜਣਗੇ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖ਼ਤ ਤੇ ਗੁਰਦੁਆਰਾ ਬਾਬਾ ਅਟਲ ਰਾਇ ਸਾਹਿਬ ਵਿਖੇ ਜਲੌਅ ਸਜਣਗੇ। ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।
ਡਿਪਟੀ ਕਮਿਸ਼ਨਰ ਵੱਲੋਂ ਭਲਕੇ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 8 ਅਕਤੂਬਰ ਨੂੰ ਸਥਾਨਕ ਛੁੱਟੀ ਐਲਾਨੀ ਗਈ ਹੈ। ਡੀਸੀ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ 8 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।