ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਦਸੰਬਰ
ਕਿਸਾਨ ਸੰਘਰਸ਼ ਦੀ ਜਿੱਤ ਮਗਰੋਂ ਸ਼ੁਕਰਾਨੇ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਥੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਖੰਡ ਪਾਠ ਆਰੰਭ ਕੀਤਾ ਗਿਆ, ਜਿਸ ਦਾ ਭੋਗ 13 ਦਸੰਬਰ ਨੂੰ ਪਵੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਕਿਸਾਨ ਆਗੂ ਸ਼ੁਕਰਾਨੇ ਲਈ 13 ਦਸੰਬਰ ਨੂੰ ਦਰਬਾਰ ਸਾਹਿਬ ਮੱਥਾ ਟੇਕਣ ਆ ਰਹੇ ਹਨ। ਉਨ੍ਹਾਂ ਦੇ ਇੱਥੇ ਪੁੱਜਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਸੰਘਰਸ਼ ਜਿੱਤ ਕੇ ਕਿਸਾਨ ਦਿੱਲੀ ਹੱਦਾਂ ਤੋਂ ਵਾਪਸ ਆਉਣੇ ਸ਼ੁਰੂ ਹੋ ਗਏ ਹਨ। ਦਿੱਲੀ ਤੋਂ ਪਰਤੇ ਕਿਸਾਨ ਕੁਲਦੀਪ ਸਿੰਘ ਵਾਸੀ ਪਿੰਡ ਸਾਰੰਗਾ ਨੇ ਆਖਿਆ ਕਿ ਹਰਿਆਣਾ ਅਤੇ ਦਿੱਲੀ ਦੇ ਲੋਕਾਂ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਗਿਆ।