ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਜੂਨ
ਕਰੋਨਾ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਮੈਡੀਕਲ ਸਿੱਖਿਆ ਬਾਰੇ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸਥਾਨਕ ਸਰਕਟ ਹਾਊਸ ਵਿਚ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਕਰੋਨਾ ਲਹਿਰ ਦੇ ਤੀਜੇ ਖ਼ਦਸ਼ੇ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਪੂਰੇ ਇੰਤਜਾਮ ਕਰ ਲਏ ਗਏ ਹਨ। ਬੱਚਿਆਂ ਲਈ ਵੱਖਰੇ ਵਾਰਡ ਵੀ ਸਥਾਪਤ ਕੀਤੇ ਗਏ ਹਨ। ਇਨ੍ਹਾਂ ਵਾਰਡਾਂ ਨੂੰ ਪੂਰੀ ਤਰ੍ਹਾਂ ਮੈਡੀਕਲ ਉਪਕਰਨਾਂ ਨਾਲ ਲੈਸ ਕੀਤਾ ਗਿਆ ਹੈ। ਕਰੋਨਾ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਕਰੋਨਾ ਦੇ ਕੇਸ 50 ਫ਼ੀਸਦੀ ਤੋਂ ਜ਼ਿਆਦਾ ਘਟ ਗਏ ਹਨ ਅਤੇ ਮੌਤ ਦਰ ਵਿੱਚ ਵੀ ਕਾਫ਼ੀ ਕਮੀ ਆਈ ਹੈ। ਪਹਿਲਾਂ ਗੁਰੂ ਨਾਨਕ ਦੇਵ ਹਸਪਤਾਲ ਵਿਚ ਲਗਪਗ 1100 ਕਰੋਨਾ ਦੇ ਮਰੀਜ਼ ਦਾਖ਼ਲ ਸਨ, ਹੁਣ ਘਟ ਕੇ ਕੇਵਲ 325 ਰਹਿ ਗਏ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਗੁਰੂ ਨਾਨਕ ਦੇਵ ਹਸਪਤਾਲ ਵਿਚ ਬਲੈਕ ਫੰਗਸ ਦੇ 11 ਮਰੀਜ਼ ਦਾਖ਼ਲ ਹਨ ਅਤੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਕਰੋਨਾ ਦੀ ਜਾਂਚ ਵਧਾਈ ਜਾਵੇ।
ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਲਏ ਗਏ ਸੈਂਪਲਾਂ ਵਿੱਚੋਂ 8 ਫ਼ੀਸਦੀ ਤੋਂ ਜ਼ਿਆਦਾ ਕੇਸ ਪਾਜ਼ੇਟਿਵ ਆ ਰਹੇ ਹਨ। ਕਰੋਨਾ ਕੇਸ ਘਟਣ ਨਾਲ ਹੀ ਦੁਕਾਨਦਾਰਾਂ ਨੂੰ ਹੋਰ ਰਿਆਇਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਬਲੈਕ ਫੰਗਸ ਦੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਲੋੜ ਮੁਤਾਬਿਕ ਉਨ੍ਹਾਂ ਨੂੰ ਵੈਕਸੀਨ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਕਰੋਨਾ ਦੀ ਜਿੰਨੀ ਵੀ ਵੈਕਸੀਨ ਭੇਜੀ ਜਾ ਰਹੀ ਹੈ, ਉਹ ਸਾਰੇ ਸਰਕਾਰੀ ਹਸਪਤਾਲਾਂ ਅਤੇ ਵੱਖ ਵੱਖ ਥਾਵਾਂ ’ਤੇ ਕੈਂਪ ਲਗਾ ਕੇ ਲੋਕਾਂ ਨੂੰ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਿਹੜੀ ਵੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੀ ਗਈ ਸੀ, ਉਹ ਵਾਪਸ ਲੈ ਲਈ ਗਈ ਹੈ।
ਇਸ ਮੀਟਿੰਗ ਵਿੱਚ ਮੇਅਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸਨਰ ਨਗਰ ਨਿਗਮ ਕੋਮਲ ਮਿੱਤਲ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਪ੍ਰਿੰਸੀਪਲ ਮੈਡੀਕਲ ਕਾਲਜ ਰਜੀਵ ਦੇਵਗਨ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।