‘ਆਪ’ ਦੀ ਦੂਰਦਰਸ਼ੀ ਸੋਚ ਸਦਕਾ ਸਾਰੇ ਬਿਲ ਸਰਬਸੰਮਤੀ ਨਾਲ ਹੋਏ ਪਾਸ: ਚੀਮਾ
ਇੱਥੇ ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਾਲ ਹੀ ਵਿੱਚ ਹੋਏ ਪੰਜਾਬ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤੇ ਗਏ ਸਾਰੇ ਐਕਟ, ਬਿੱਲ ਅਤੇ ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ। ਇਹ ਸਭ ਕੁਝ ‘ਆਪ’ ਦੀ ਦੂਰਦਰਸ਼ੀ ਤੇ ਇਮਾਨਦਾਰ ਸੋਚ ਦਾ ਨਤੀਜਾ ਹੈ। ਇਸ ਦੌਰਾਨ ‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025’ ਨੂੰ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਨੂੰ ਭੇਜਿਆ ਗਿਆ। ਇਸ ਤੋਂ ਇਲਾਵਾ ਬੀਬੀਐੱਮਬੀ ਅਦਾਰਿਆਂ ਵਿੱਚ ਸੀਈਐੱਸਐੱਫ ਦੀ ਤਾਇਨਾਤੀ ਹਟਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਦੇ ਨਾਲ ਹੀ ‘ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਬਿਲ-2025’ ਤੇ ‘ਸੀਜੀਸੀ ਯੂਨੀਵਰਸਿਟੀ, ਮੁਹਾਲੀ ਬਿੱਲ, 2025’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਸ੍ਰੀ ਚੀਮਾ ਨੇ ਕਿਹਾ ਕਿ ਸੈਸ਼ਨ ਵਿੱਚ ‘ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਬਿੱਲ 2025’ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਕਿਹਾ ਕਿ 1958 ਤੋਂ ਬਾਅਦ ਪਹਿਲੀ ਵਾਰ ‘ਪੰਜਾਬ ਦੁਕਾਨਾਂ ਅਤੇ ਵਪਾਰਕ ਅਦਾਰੇ ਐਕਟ, 1958’ ਸੋਧਿਆ ਗਿਆ ਹੈ। ਇਸ ਤੋਂ ਇਲਾਵਾ ‘ਪੰਜਾਬ ਲੇਬਰ ਵੈਲਫੇਅਰ ਫੰਡ ਬਿੱਲ, 2025’ ਪੇਸ਼ ਕੀਤਾ ਗਿਆ, ਜਿਸ ਵਿੱਚ ਅਦਾਰਿਆਂ ਦੇ ਮਾਲਕਾਂ ਦੀ ਕਾਰਜਸ਼ੀਲ ਸੌਖ ਅਤੇ ਕਾਮਿਆਂ ਦੀ ਭਲਾਈ ਦੋਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੋਧਾਂ ਤਿਆਰ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੌਰਾਨ ਬੇਅਦਬੀ ਦੇ ਨਾਲ-ਨਾਲ ਨਸ਼ਿਆਂ ਦੇ ਮੁੱਦੇ ’ਤੇ ਵਿਚਾਰ-ਚਰਚਾ ਕੀਤੀ ਗਈ। ਇਸ ਦੌਰਾਨ ਸਾਰਿਆਂ ਨੇ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਯਤਨ ਕਰਨ ਦਾ ਭਰੋਸਾ ਦਿੱਤਾ ਹੈ।