ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਕੁੱਲ ਹਿੰਦ ਕਿਸਾਨ ਫੈਡਰੇਸ਼ਨ (ਏਆਈਕੇਐੱਫ) ਨੇ ਕੇਂਦਰ ਸਰਕਾਰ ਵੱਲੋਂ ਝੋਨੇ ਅਤੇ ਹੋਰ ਫ਼ਸਲਾਂ ਦੇ ਐੱਮਐੱਸਪੀ ’ਚ ਕੀਤੇ ਵਾਧੇ ਨੂੰ ਖੇਤੀ ਲਾਗਤਾਂ ਦੀਆਂ ਵਧਦੀਆਂ ਕੀਮਤਾਂ ਦੇ ਮੁਕਾਬਲੇ ਮਾਮੂਲੀ ਦੱਸਦਿਆਂ ਰੱਦ ਕਰ ਦਿੱਤਾ ਹੈ। ਏਆਈਕੇਐੱਫ ਦੇ ਪ੍ਰਧਾਨ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਮਹਿੰਗਾਈ 6.7 ਫ਼ੀਸਦ ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਖੇਤੀ ਲਾਗਤ ਵੀ ਕਈ ਗੁਣਾਂ ਤੱਕ ਵੱਧ ਗਈ ਹੈ, ਜਿਸ ਕਾਰਨ ਕਿਸਾਨਾਂ ਦੀ ਆਮਦਨ ਵਿੱਚ ਭਾਰੀ ਗਿਰਾਵਟ ਆਈ ਹੈ। ਕੇਂਦਰ ਸਰਕਾਰ ਵੱਲੋਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਪ੍ਰਚਾਰ ਸਿਆਸੀ ਡਰਾਮੇਬਾਜ਼ੀ ਸਾਬਤ ਹੋ ਰਿਹਾ ਹੈ। ਸ੍ਰੀ ਭੰਗੂ ਨੇ ਮੰਗ ਕੀਤੀ ਕਿ ਸਾਰੀਆਂ ਖੇਤੀ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀ ਨੂੰ ਇੱਕ ਕਾਨੂੰਨੀ ਅਧਿਕਾਰ ਬਣਾਇਆ ਜਾਵੇ।