ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਸਾਰੀਆਂ ਪ੍ਰਮੁੱਖ ਸਖਸ਼ੀਅਤਾਂ ਨੂੰ ਦਿੱਤਾ ਜਾਵੇਗਾ ਸੱਦਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਦੇਣਗੇ ਸੱਦਾ; ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਜ਼ਿੰਮੇਵਾਰੀ ਪੰਜਾਬ ਦੇ ਕੈਬਨਿਟ ਮੰਤਰੀਆਂ ਦੀ ਲੱਗੀ
ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਦੇਸ਼ ਦੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਲਈ ਦਿੱਲੀ ਜਾਣਗੇ। ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂ ਚੱਕ ਵੱਲੋਂ ਪੱਛਮੀ ਬੰਗਾਲ, ਅਸਾਮ ਅਤੇ ਉੜੀਸਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਅਮਨ ਅਰੋੜਾ ਅਤੇ ਤਰੁਣਪ੍ਰੀਤ ਸੋਧ ਵੱਲੋਂ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣ ਲਈ ਜਾਣਗੇ। ਇਸੇ ਤਰ੍ਹਾਂ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ ਵੱਲੋਂ ਛੱਤੀਸਗੜ੍ਹ ਅਤੇ ਝਾਰਖੰਡ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਵਰਿੰਦਰ ਕੁਮਾਰ ਗੋਇਲ ਵੱਲੋਂ ਕੇਰਲਾ, ਕਰਨਾਟਕ, ਤਮਿਲਨਾਡੂ ਅਤੇ ਪੁਡੂਚਰੀ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਹਰਜੋਤ ਸਿੰਘ ਬੈਂਸ ਅਤੇ ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਬਲਜੀਤ ਕੌਰ ਅਤੇ ਮਹਿੰਦਰ ਭਗਤ ਵੱਲੋਂ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਲਾਲਜੀਤ ਭੁੱਲਰ ਅਤੇ ਡਾਕਟਰ ਰਵਜੋਤ ਵੱਲੋਂ ਮੇਘਾਲਿਆ, ਤ੍ਰਿਪੁਰਾ, ਸਿੱਕਿਮ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼, ਮਨੀਪੁਰ ਅਤੇ ਨਾਗਾਲੈਂਡ ਦੇ ਮੁੱਖ ਮੰਤਰੀਆਂ ਨੂੰ ਸੱਦਾ ਪੱਤਰ ਦੇਣ ਲਈ ਜਾਣਗੇ। ਇਸ ਤੋਂ ਇਲਾਵਾ ਕੈਬਨਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਅਤੇ ਸੰਜੀਵ ਅਰੋੜਾ ਵੱਲੋਂ ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਗੋਆ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ।