ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਰਬ-ਧਰਮ ਸੰਮੇਲਨ: ਗੁਰੂ ਤੇਗ ਬਹਾਦਰ ਨੂੰ ਸਿਜਦਾ

ਸ਼ਹਾਦਤ ਮਨੁੱਖਤਾ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਦੀ ਅਦੁੱਤੀ ਮਿਸਾਲ: ਮੁੱਖ ਮੰਤਰੀ / ਕੇਜਰੀਵਾਲ ਅਤੇ ਹੋਰ ਧਰਮਾਂ ਦੇ ਆਗੂਆਂ ਨੇ ਏਕਤਾ, ਸਦਭਾਵਨਾ ਅਤੇ ਮਨੁੱਖਤਾ ਦਾ ਦਿੱਤਾ ਸੁਨੇਹਾ
ਸਰਬ-ਧਰਮ ਸੰਮੇਲਨ ’ਚ ਅਧਿਆਤਮਕ ਸ਼ਖ਼ਸੀਅਤ ਸ੍ਰੀ ਸ੍ਰੀ ਰਵੀਸ਼ੰਕਰ ਦਾ ਸਨਮਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ।
Advertisement

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਰਬ-ਧਰਮ ਸੰਮੇਲਨ ਵਿੱਚ 9ਵੀਂ ਪਾਤਸ਼ਾਹੀ ਦੀ ਅਦੁੱਤੀ ਸ਼ਹਾਦਤ ਨੂੰ ਸਿਜਦਾ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਭਰ ਦੇ ਧਾਰਮਿਕ ਆਗੂਆਂ ਦੇ ਨਾਲ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਰਬ-ਧਰਮ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾ ਜ਼ੁਲਮ ਅਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੀ ਪ੍ਰੇਰਨਾ ਦਿੱਤੀ ਹੈ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਮਨੁੱਖਤਾ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਦੀ ਅਦੁੱਤੀ ਮਿਸਾਲ ਹੈ। ਸੂਬਾ ਸਰਕਾਰ ਵੱਲੋਂ ਸ਼ਹੀਦੀ ਸਮਾਗਮਾਂ ਨੂੰ ਸਾਲ ਭਰ ਜਾਰੀ ਰੱਖਣ ਲਈ ਲੜੀਵਾਰ ਪ੍ਰੋਗਰਾਮ ਚੱਲ ਰਹੇ ਹਨ। ਸੰਗਤ ਦੀ ਆਵਾਜਾਈ ਅਤੇ ਰਹਿਣ-ਸਹਿਣ ਲਈ ਟੈਂਟ ਸਿਟੀ, ਵਿਸ਼ਾਲ ਪਾਰਕਿੰਗਾਂ, 700 ਇਲੈਕਟ੍ਰਿਕ ਰਿਕਸ਼ਿਆਂ ਅਤੇ ਮਿੰਨੀ ਬੱਸਾਂ ਸਮੇਤ ਵੱਖ-ਵੱਖ ਸਹੂਲਤਾਂ ਦਿੱਤੀਆਂ ਗਈਆਂ ਹਨ। ਸ੍ਰੀਨਗਰ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਹੁਸ਼ਿਆਰਪੁਰ ਅਤੇ ਹੋਰ ਜ਼ਿਲ੍ਹਿਆਂ ਵਿਚੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ। ਸਿੱਖ ਇਤਿਹਾਸ ਤੋਂ ਨੌਜਵਾਨਾਂ ਨੂੰ ਜਾਣੂ ਕਰਵਾਉਣ ਲਈ ਸਿਲੇਬਸ ਵਿੱਚ ਤਬਦੀਲੀਆਂ ਕੀਤੀਆਂ ਜਾਣਗੀਆਂ ਤਾਂ ਜੋ ਗੁਰੂ ਸਾਹਿਬ ਅਤੇ ਮਹਾਨ ਸ਼ਹੀਦਾਂ ਦੇ ਯੋਗਦਾਨ ਬਾਰੇ ਅਗਲੀ ਪੀੜ੍ਹੀ ਨੂੰ ਪੂਰੀ ਜਾਣਕਾਰੀ ਮਿਲ ਸਕੇ।

Advertisement

ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇਤਿਹਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਿਸਾਲ ਕਿਤੇ ਨਹੀਂ ਮਿਲਦੀ ਜਿਥੇ ਕਿਸੇ ਨੇ ਧਰਮ ਦੀ ਰਾਖੀ ਲਈ ਆਪਣੀ ਸ਼ਾਹਦਤ ਦਿੱਤੀ ਹੋਵੇ। ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਤੀ ਗਈ ਇਹ ਬੇਮਿਸਾਲ ਸ਼ਹਾਦਤ ਪੂਰੇ ਸੰਸਾਰ ਲਈ ਪ੍ਰੇਰਨਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਦੀ ਨੁਹਾਰ ਬਦਲਣ ਲਈ ਫੰਡ ਜਾਰੀ ਕੀਤੇ ਗਏ ਹਨ।

ਅਧਿਆਤਮਕ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਬਾਬਾ ਬੁੱਢਾ ਦਲ ਛਾਉਣੀ ਵਿੱਚ ਸਰਬ-ਧਰਮ ਸੰਮੇਲਨ ਦੌਰਾਨ ਸਿੱਖ, ਹਿੰਦੂ, ਮੁਸਲਮਾਨ, ਇਸਾਈ, ਬੁੱਧ, ਜੈਨ ਅਤੇ ਯਹੂਦੀ ਧਰਮਾਂ ਦੇ ਮੁੱਖ ਅਧਿਆਤਮਕ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਨਮਨ ਕੀਤਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਗੂਆਂ ਦਾ ਸਵਾਗਤ ਕੀਤਾ। ਸਿੱਖ ਆਗੂ ਬਾਬਾ ਬਲਬੀਰ ਸਿੰਘ, ਬਾਬਾ ਹਰਨਾਮ ਸਿੰਘ ਖਾਲਸਾ ਅਤੇ ਬਾਬਾ ਸੇਵਾ ਸਿੰਘ ਨੇ ਸ਼ਾਂਤੀ, ਪਿਆਰ ਅਤੇ ਮਨੁੱਖਤਾ ਦੇ ਗੁਰੂ ਮਰਯਾਦਾ-ਆਧਾਰਿਤ ਸਿਧਾਂਤਾਂ ਨੂੰ ਸਭ ਲਈ ਰਾਹਦਾਰੀ ਦੱਸਿਆ। ਰਾਧਾ ਸੁਆਮੀ ਸਤਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਬਾਬਾ ਕਸ਼ਮੀਰ ਸਿੰਘ ਨੇ ਗੁਰੂ ਦੀ ਸ਼ਹਾਦਤ ਨੂੰ ਵਿਸ਼ਵ ਮਨੁੱਖਤਾ ਲਈ ਚਾਨਣ-ਮੁਨਾਰਾ ਕਰਾਰ ਦਿੱਤਾ। ਨਵੀਂ ਦਿੱਲੀ ਦੇ ਜੂਡਾ ਹਯਾਮ ਸਿਨਾਗੌਗ ਦੇ ਰੱਬੀ ਡਾ. ਮਾਲੇਕਰ ਨੇ ਗੁਰੂ ਸਾਹਿਬ ਨੂੰ ਧਾਰਮਿਕ ਆਜ਼ਾਦੀ ਦੇ ਸਭ ਤੋਂ ਵੱਡੇ ਰੱਖਿਅਕ ਵਜੋਂ ਸਲਾਮ ਕੀਤਾ। ਫਾਦਰ ਜੌਨ, ਸ੍ਰੀ ਸ੍ਰੀ ਰਵੀਸ਼ੰਕਰ, ਚਿਸ਼ਤੀ ਦਰਗਾਹ ਦੇ ਗੱਦੀਨਸ਼ੀਨ ਹਾਜ਼ੀ ਸਈਦ ਸਲਮਾਨ ਚਿਸ਼ਤੀ ਅਤੇ ਹੋਰ ਧਾਰਮਿਕ ਆਗੂਆਂ ਨੇ ਵੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਵਿਸ਼ਵ ਭਰ ਲਈ ਪ੍ਰੇਰਕ ਮਿਸਾਲ ਦੱਸਿਆ।

Advertisement
Show comments