ਅਕਾਲ ਤਖ਼ਤ ਦੀ ਸਰਬਉੱਚਤਾ ਮਾਮਲੇ ’ਚ ਸਮੂਹ ਸਿੰਘ ਸਾਹਿਬਾਨ ਵੱਲੋਂ ਇਕਜੁੱਟਤਾ ਦੇ ਪ੍ਰਗਟਾਵੇ ਦਾ ਦਾਅਵਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜੁਲਾਈ
ਤਖ਼ਤਾਂ ਦੇ ਜਥੇਦਾਰਾਂ ਵਿਚਾਲੇ ਟਕਰਾਅ ਅਤੇ ਇਸ ਨਾਲ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ ’ਤੇ ਲੱਗ ਰਹੇ ਸਵਾਲੀਆ ਚਿੰਨ੍ਹ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਵਿੱਚ ਸਿਰੋਪਾ, ਫੁੱਲਾਂ ਦਾ ਸਿਹਰਾ ਤੇ ਪ੍ਰਸ਼ਾਦ ਦਿੱਤਾ ਗਿਆ। ਜਥੇਦਾਰ ਨੇ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਦੀ ਸਰਬਉੱਚਤਾ ਦੇ ਮਾਮਲੇ ਨੂੰ ਲੈ ਕੇ ਸਮੂਹ ਸਿੰਘ ਸਾਹਿਬਾਨ ਨੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ।
ਅਕਾਲ ਤਖਤ ਦੇ ਸਕੱਤਰੇਤ ਮੁਤਾਬਕ ਸਮੂਹ ਸਿੰਘ ਸਾਹਿਬਾਨ ਨੇ ਸ੍ਰੀ ਅਕਾਲ ਤਖਤ ਦੀ ਸਰਬਉੱਚਤਾ ਦੇ ਮਾਮਲੇ ਵਿੱਚ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖਤ ਦੀ ਸਰਵਉੱਚਤਾ ਦੇ ਮਾਮਲੇ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮਰਥਨ ਤੇ ਸਹਿਯੋਗ ਦਿੱਤਾ। ਉਨ੍ਹਾਂ ਆਖਿਆ ਕਿ ਜਥੇਦਾਰ ਗੜਗੱਜ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵਾਸਤੇ ਗਏ ਸਨ, ਜਿੱਥੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਹਾਜ਼ਰੀ ਵਿੱਚ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਵੱਲੋਂ ਸਿਰੋਪਾ, ਫੁੱਲਾਂ ਦਾ ਸਿਹਰਾ ਅਤੇ ਪ੍ਰਸ਼ਾਦ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕਰਕੇ ਜਥੇਦਾਰ ਗੜਗੱਜ ਨੂੰ ਪ੍ਰਸ਼ਾਦ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਅਕਾਲ ਤਖਤ ਵਿਖੇ ਤਖਤ ਸ੍ਰੀ ਪਟਨਾ ਸਾਹਿਬ ਦੇ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਲਈ ਵੀ ਗਿਆਨੀ ਰਘਬੀਰ ਸਿੰਘ ਨੇ ਸਹਿਯੋਗ ਦਿੱਤਾ ਹੈ।