ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਪੈਸੇ ਲੈਣ ਦਾ ਦੋਸ਼
ਗੁਰਦੀਪ ਸਿੰਘ ਲਾਲੀ/ਮੇਜਰ ਸਿੰਘ ਮੱਟਰਾਂ
ਸੰਗਰੂਰ/ਭਵਾਨੀਗੜ੍ਹ, 27 ਫਰਵਰੀ
ਟਰੱਕ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਦੀ ਚੋਣ ਤੋਂ ਬਾਅਦ ਪ੍ਰਧਾਨਗੀ ਦੇ ਚਾਹਵਾਨ ਇੱਕ ਵਿਅਕਤੀ ਵੱਲੋਂ ਜ਼ਹਿਰਲੀ ਵਸਤੂ ਨਿਗਲਣ ਤੇ ਪੈਸੇ ਦੇ ਲੈਣ-ਦੇਣ ਸਬੰਧੀ ਵੀਡੀਓ ਵਾਇਰਲ ਹੋਣ ਮਗਰੋਂ ਸਿਆਸਤ ਭਖ ਗਈ ਹੈ। ਇੱਥੇ ਟਰੱਕ ਯੂਨੀਅਨ ਭਵਾਨੀਗੜ੍ਹ ਵਿੱਚ ਭਾਰੀ ਪੁਲੀਸ ਫੋਰਸ ਦੀ ਹਾਜ਼ਰੀ ਵਿੱਚ ਜਤਿੰਦਰ ਸਿੰਘ ਵਿੱਕੀ ਬਾਜਵਾ ਨੂੰ ਪ੍ਰਧਾਨ ਚੁਣਿਆ ਗਿਆ। ਇਸ ਚੋਣ ਪ੍ਰਕਿਰਿਆ ਦੀ ਸਮਾਪਤੀ ਤੋਂ ਤੁਰੰਤ ਬਾਅਦ ਇੱਕ ਅਪਰੇਟਰ ਮਨਜੀਤ ਸਿੰਘ ਕਾਕਾ ਨੇ ਪ੍ਰਧਾਨ ਦੀ ਚੋਣ ਤੋਂ ਖ਼ਫ਼ਾ ਹੋ ਕੇ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ। ਉਸ ਨੇ ਦੋਸ਼ ਲਗਾਇਆ ਕਿ ਉਸ ਨਾਲ ਪ੍ਰਧਾਨਗੀ ਲਈ ਕਥਿਤ 30 ਲੱਖ ਰੁਪਏ ਤੈਅ ਕੀਤੇ ਗਏ ਸਨ, ਪਰ ਬਾਅਦ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੂਜੇ ਵਿਅਕਤੀ ਤੋਂ 55 ਲੱਖ ਰੁਪਏ ਲੈ ਕੇ ਉਸ ਨੂੰ ਪ੍ਰਧਾਨ ਬਣਾ ਦਿੱਤਾ।
ਇਸ ਮਾਮਲੇ ’ਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁਲਟ ਨੇ ਪ੍ਰਧਾਨਗੀਆਂ ਲਈ ਸੌਦੇਬਾਜ਼ੀਆਂ ਹੋਣ ਦਾ ਦੋਸ਼ ਲਾਇਆ। ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਵਿਧਾਇਕ ਖ਼ਿਲਾਫ਼ ਕਾਰਵਾਈ ਕਰਨ ਬਾਰੇ ਸਵਾਲ ਕੀਤਾ ਹੈ।
ਕਾਂਗਰਸ ਦੇ ਸੀਨੀਅਰ ਆਗੂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਸੱਤਾ ’ਚ ਆਉਣ ਵਾਲੇ ਸੂਬੇ ਦੇ ਲੋਕਾਂ ਨੂੰ ਲੁੱਟਣ ਦੀ ਕੋਈ ਕਸਰ ਨਹੀਂ ਛੱਡ ਰਹੇ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਵਿਧਾਇਕ ਵੱਲੋਂ ਕਥਿਤ ਰੂਪ ’ਚ ਮਨਜੀਤ ਨੂੰ ਪ੍ਰਧਾਨਗੀ ਲਈ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਸੀ ਪਰ ਅੱਜ ਉਸ ਦੀ ਥਾਂ ਕਿਸੇ ਹੋਰ ਵਿਅਕਤੀ ਨੂੰ ਪ੍ਰਧਾਨ ਥਾਪ ਦਿੱਤਾ ਗਿਆ। ਉਨ੍ਹਾਂ ਮਾਮਲੇ ਦੀ ਉੱਚ ਪੱਧਰੀ ਜਾਂਚ ਮੰਗੀ।
ਚੋਣ ’ਚ ਮੇਰਾ ਕੋਈ ਦਖ਼ਲ ਨਹੀਂ: ਭਰਾਜ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਚੋਣ ’ਚ ਉਨ੍ਹਾਂ ਦੀ ਕੋਈ ਦਖ਼ਲਅੰਦਾਜ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਉਹ ਜਲਦ ਹੀ ਚੋਣ ਪ੍ਰਕਿਰਿਆ ਬਾਰੇ ਵੀਡੀਓ ਨਸ਼ਰ ਕਰਨਗੇ ਜਿਸ ਤੋਂ ਸਥਿਤੀ ਸਪਸ਼ਟ ਹੋ ਜਾਵੇਗੀ।