ਪੱਤਰ ਪ੍ਰੇਰਕ
ਦੀਨਾਨਗਰ, 20 ਜੂਨ
ਆਮ ਆਦਮੀ ਪਾਰਟੀ ਦੇ ਮੈਂਬਰ ਚੰਦਰਸ਼ੇਖਰ ਆਜ਼ਾਦ ਅਤੇ ਮਾਝਾ ਯੂਥ ਵਿੰਗ ਦੇ ਸਾਬਕਾ ਉਪ ਪ੍ਰਧਾਨ ਗਗਨਦੀਪ ਸ਼ਰਮਾ ਸਮੇਤ ਵੱਡੀ ਗਿਣਤੀ ਵਰਕਰਾਂ ਨੇ ਅੱਜ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਮੁੱਖ ਮੰਤਰੀ ਕੋਲੋਂ ਇਸ ਸਬੰਧੀ ਕਾਰਵਾਈ ਮੰਗੀ ਹੈ। ਇੱਥੇ ਪ੍ਰੈਸ ਕਾਨਫਰੰਸ ਦੌਰਾਨ ਚੰਦਰਸ਼ੇਖਰ ਆਜ਼ਾਦ ਅਤੇ ਗਗਨਦੀਪ ਸ਼ਰਮਾ ਨੇ ਕਿਹਾ ਕਿ ਸ਼ਮਸ਼ੇਰ ਸਿੰਘ ਪਾਰਟੀ ਨੂੰ ਨਿੱਜੀ ਕੰਪਨੀ ਵਾਂਗ ਚਲਾ ਰਹੇ ਹਨ। ਨਾਜਾਇਜ਼ ਮਾਈਨਿੰਗ ਦਾ ਧੰਦਾ ਵੀ ਉਨ੍ਹਾਂ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਸ਼ਹਿਰ ਦੇ ਇੱਕ ਕੌਂਸਲਰ ਦੇ ਪਟਵਾਰੀ ਦੀ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਤਹਿਤ ਬਦਲੀ ਕੀਤੀ ਗਈ ਸੀ ਪਰ ਸ਼ਮਸ਼ੇਰ ਸਿੰਘ ਨੇ ਪਹਿਲ ਦੇ ਆਧਾਰ ’ਤੇ ਉਸ ਨੂੰ ਮੁੜ ਦੀਨਾਨਗਰ ਲਿਆਂਦਾ। ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸਿੰਘ ਅਖੌਤੀ ਹਲਕਾ ਇੰਚਾਰਜ ਹੈ, ਕਿਉਂਕਿ ਪਾਰਟੀ ਨੇ ਕਿਸੇ ਵੀ ਹਾਰੇ ਹੋਏ ਉਮੀਦਵਾਰ ਨੂੰ ਅਜੇ ਤੱਕ ਅਧਿਕਾਰਤ ਤੌਰ ’ਤੇ ਹਲਕਾ ਇੰਚਾਰਜ ਦਾ ਅਹੁਦਾ ਨਹੀਂ ਦਿੱਤਾ। ਉਨ੍ਹਾਂ ਸ਼ਮਸ਼ੇਰ ਸਿੰਘ ’ਤੇ ਸਰਕਾਰੀ ਕੰਮਾਂ ’ਚ ਦਖ਼ਲਅੰਦਾਜ਼ੀ ਕਰਨ ਦਾ ਦੋਸ਼ ਵੀ ਲਾਇਆ।
ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੋਸ਼ ਨਕਾਰੇ
‘ਆਪ’ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਆਪਣੇ ’ਤੇ ਲੱਗੇ ਦੋਸ਼ ਨਕਾਰਦਿਆਂ ਪ੍ਰੈਸ ਕਾਨਫ਼ਰੰਸ ਨੂੰ ਵਿਰੋਧੀ ਧਿਰ ਵੱਲੋਂ ਰਚਿਆ ਡਰਾਮਾ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਾਉਣ ਵਾਲਿਆਂ ਨੂੰ ਵਿਕਾਊ ਦੱਸਦਿਆਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਪਾਰਟੀ ’ਚ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਗ਼ਲਤ ਦੋਸ਼ ਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।