ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਫਰਵਰੀ
ਹਵਾਰਾ ਕਮੇਟੀ ਨੇ ਦੋਸ਼ ਲਾਇਆ ਕਿ ਤਿਹਾੜ ਜੇਲ੍ਹ ਵਿੱਚ ਬੰਦ ਕੀਤੇ ਕਿਸਾਨਾਂ ਨੂੰ ਡਰਾਉਣ ਧਮਕਾਉਣ ਦੇ ਮੰਤਵ ਨਾਲ ਸਿੱਖਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਜਾ ਰਿਹਾ ਹੈ। ਕਮੇਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਇਸ ਰੁਝਾਨ ਨੂੰ ਰੋਕਿਆ ਜਾਵੇ। ਕਮੇਟੀ ਮੈਂਬਰ ਪ੍ਰੋ. ਬਲਜਿੰਦਰ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ, ਬਾਪੂ ਗੁਰਚਰਨ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ ਨੇ ਇਕ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਤਿਹਾੜ ਜੇਲ੍ਹ ਨੰਬਰ ਇੱਕ ਵਿੱਚ ਬੰਦ ਅਮਨਿੰਦਰ ਸਿੰਘ ਫਤਹਿਗੜ੍ਹ ਸਾਹਿਬ ਤੇ ਧਰਮਿੰਦਰ ਸਿੰਘ ਬੁਗਨੀ ਨੂੰ ‘ਟਾਰਗੇਟ ਕਿਲਿੰਗ’ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ, ਦੋਵਾਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਵੀ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਸ਼ਿਕਾਇਤ ਕੀਤੀ ਹੈ।