ਪੰਜਾਬ ਦੇ ਮੁੱਦਿਆਂ ’ਤੇ ਸਾਥ ਦੇਣ ਵਾਲੀ ਪਾਰਟੀ ਨਾਲ ਹੋ ਸਕਦੈ ਗੱਠਜੋੜ: ਗਿਆਨੀ ਹਰਪ੍ਰੀਤ ਸਿੰਘ
ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਵੱਲੋਂ ਪਾਰਟੀ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਅੱਜ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁੱਚਾ ਸਿੰਘ ਛੋਟੇਪੁਰ ਸਣੇ ਕਈ ਆਗੂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਸਿਰੋਪੇ ਤੇ ਹਾਰ ਪਾ ਕੇ ਸਨਮਾਨਿਤ ਕੀਤਾ। ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਤੇ ਉਹ ਪਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਤੇ ਕੇਂਦਰ ਵੱਲੋਂ ਸੜਕਾਂ ਬਣਾਉਣ ਲਈ ਦਿੱਤੇ ਗਏ 800 ਕਰੋੜ ਰੁਪਏ ਵਾਪਸ ਹੋਣਾ ਪੰਜਾਬ ਸਰਕਾਰ ਦੀ ਨਾਕਾਮੀ ਹੈ। ਭਾਜਪਾ ਨਾਲ ਚੋਣ ਸਮਝੌਤਾ ਕਰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਛੱਡ ਕੇ ਹਰ ਉਸ ਪਾਰਟੀ ਨਾਲ ਚੋਣ ਸਮਝੌਤਾ ਕੀਤਾ ਜਾ ਸਕਦਾ ਹੈ ਜੋ ਪੰਜਾਬ ਤੇ ਪੰਜਾਬੀਅਤ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਉਨ੍ਹਾਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਲੈਣ ਤੋਂ ਬਾਅਦ ਪੂਰੇ ਪਾਰਦਰਸ਼ੀ ਢੰਗ ਨਾਲ ਇਸ ਨੂੰ ਚਲਾਇਆ ਜਾਵੇਗਾ। ਜਥੇਦਾਰਾਂ ਦੀ ਨਿਯੁਕਤੀ ਤੇ ਬਰਖ਼ਾਸਤਗੀ ਬਾਰੇ ਨਿਯਮਾਂ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣ ਤੋਂ ਬਾਅਦ ਇਹ ਸਾਰੇ ਨਿਯਮ ਬਣਾਏ ਜਾਣਗੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਰੁਤਬਾ ਅਕਾਲੀ ਦਲ ਦੇ ਪ੍ਰਧਾਨ ਤੋਂ ਵੀ ਵੱਡਾ ਕੀਤਾ ਜਾਵੇਗਾ। ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੇ ਧੜੇ ਦੇ ਆਗੂਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ।