ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਜਨਵਰੀ
ਲੋਕਾਂ ਲਈ ਰੋਜ਼ੀ-ਰੋਟੀ ਦੇ ਸਾਧਨਾਂ ਨੂੰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਥੇ ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ 7219 ਵਾਜਬ ਦਰਾਂ ਦੀਆਂ ਦੁਕਾਨਾਂ (ਐੱਫਪੀਐੱਸ) ਦੀ ਅਲਾਟਮੈਂਟ ਲਈ ਸੂਬਾ ਪੱਧਰੀ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਇੱਥੋਂ ਦੇ ਕਿਸਾਨ ਵਿਕਾਸ ਚੈਂਬਰ ਵਿੱਚ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਰੂਪਨਗਰ ਦੇ ਪੰਜ ਲਾਭਪਾਤਰੀਆਂ ਜਤਿੰਦਰਪਾਲ ਸਿੰਘ, ਪੂਨਮ, ਜਸਵਿੰਦਰ ਸਿੰਘ, ਵਿਵੇਕ ਸ਼ਰਮਾ ਅਤੇ ਸੁਖਦੇਵ ਸਿੰਘ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ, ਜਦੋਂਕਿ ਵੱਖ-ਵੱਖ ਹਿੱਸਿਆਂ ਵਿੱਚ ਸਾਥੀ ਮੰਤਰੀਆਂ, ਵਿਧਾਇਕਾਂ ਅਤੇ ਹੋਰਨਾਂ ਸ਼ਖ਼ਸੀਅਤਾਂ ਨੇ ਪਹਿਲੇ ਪੜਾਅ ਤਹਿਤ 64 ਮਿਉਂਸਪਲ ਕਮੇਟੀਆਂ ਵਿੱਚ ਲਾਭਪਾਤਰੀਆਂ ਨੂੰ ਇੱਕੋ ਵੇਲੇ 370 ਅਲਾਟਮੈਂਟ ਪੱਤਰ ਸੌਂਪੇ । ਇਸ ਮੌਕੇ ਕੈਪਟਨ ਨੇ ਕਿਹਾ ਕਿ ਇਹ ਗਰੀਬ ਪੱਖੀ ਪਹਿਲ ਲੋਕਾਂ ਦੀ ਆਰਥਿਕ ਸਥਿਤੀ ’ਚ ਸੁਧਾਰ ਲਿਆਉਣ ਦੇ ਨਾਲ ਤੈਅ ਸਮੇਂ ਅੰਦਰ ਨਿਰਵਿਘਨ ਤਰੀਕੇ ਨਾਲ ਜਨਤਕ ਵੰਡ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅਲਾਟੀਆਂ ਨੂੰ ਕਿਹਾ ਕਿ ਗਰੀਬਾਂ ਲਈ ਆਏ ਰਾਸ਼ਨ ਨੂੰ ਗੈਰਕਾਨੂੰਨੀ ਢੰਗ ਨਾਲ ਹੋਰ ਪਾਸੇ ਵਰਤਣ ਦੀ ਜਗ੍ਹਾ ਉਹ ਅਸਲ ਲਾਭਪਾਤਰੀਆਂ ਲਈ ਰਾਸ਼ਨ ਦੇ ਵੰਡ ਨੂੰ ਯਕੀਨੀ ਬਣਾਉਣ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ।
15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਇਆ: ਕੈਪਟਨ
ਮੁੱਖ ਮੰਤਰੀ ਨੇ ਕਿਹਾ ਕਿ ‘ਘਰ-ਘਰ ਰੁਜ਼ਗਾਰ’ ਤਹਿਤ ਹੁਣ ਤਕ 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿਵਾਉਣ ਵਿੱਚ ਸਹਾਇਤਾ ਕੀਤੀ ਗਈ ਹੈ। ਇਸ ਤੋਂ ਇਲਾਵਾ 15.08 ਲੱਖ ਨੌਕਰੀਆਂ ’ਚੋਂ 58 ਹਜ਼ਾਰ ਸਰਕਾਰੀ ਨੌਕਰੀਆਂ (ਸਮੇਤ ਠੇਕਾ ਆਧਾਰ) ਦਿੱਤੀਆਂ ਗਈਆਂ ਹਨ ਅਤੇ 5.69 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਸੈਕਟਰ ਵਿੱਚ ਰੁਜ਼ਗਾਰ ਮਿਲਿਆ ਹੈ। 1 ਅਪਰੈਲ 2017 ਤੋਂ ਸ਼ੁਰੂ ਹੋਏ ਇਸ ਮਿਸ਼ਨ ਤਹਿਤ ਹੁਣ ਤੱਕ ਸਵੈ-ਰੁਜ਼ਗਾਰ ਕਾਰੋਬਾਰ ਸ਼ੁਰੂ ਕਰਨ ਲਈ 8.80 ਲੱਖ ਨੌਜਵਾਨਾਂ ਨੂੰ ਸਹਾਇਤਾ ਮੁਹੱਈਆ ਕਰਵਾਈ ਗਈ ਹੈ।