ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜਨਵਰੀ
ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਟੈਲੀਫੋਨ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਹੈ। ਪਾਰਟੀ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਟੈਲੀਫੋਨ ਵਿਗਿਆਨ ਦੀ ਸਭ ਤੋਂ ਸ਼ਾਨਦਾਰ ਖੋਜ ਹੈ ਅਤੇ ਟੈਲੀਫੋਨ ਜਿੱਥੇ ਸਮੁੱਚੇ ਵਿਸ਼ਵ ਦੇ ਵਿਕਾਸ ਵਿੱਚ ਸੰਚਾਰ ਦਾ ਵੱਡਾ ਮਾਧਿਅਮ ਹੈ, ਉਥੇ ਹੀ ਟੈਲੀਫੋਨ ਆਪਸੀ ਭਾਈਚਾਰਕ ਸਾਂਝ ਵਧਾਉਣ ਦਾ ਵੀ ਬਿਹਤਰੀਨ ਜ਼ਰੀਆ ਹੈ। ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਪੰਜਾਬ ਅਤੇ ਪੰਜਾਬੀਆਂ ਦੀ ਪੰਥਕ ਪਾਰਟੀ ਹੈ ਅਤੇ ਉਨ੍ਹਾਂ ਦਾ ਮੁੱਖ ਮਨੋਰਥ ਪੰਜਾਬ ਦੇ ਰੌਸ਼ਨ ਭਵਿੱਖ ਲਈ ਨਿੱਜੀ ਹਿੱਤਾਂ ਨੂੰ ਲਾਂਭੇ ਕਰਕੇ ਪੰਥ ਅਤੇ ਪੰਜਾਬ ਦੇ ਹੱਕੀ ਮਸਲੇ ਹੱਲ ਕਰਵਾਉਣਾ ਹੈ।