ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਕਤੂਬਰ
ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿੱਚ ਸਥਿਤ ਆਪਣੇ ਦਫ਼ਤਰ ਵਿੱਚ 21 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਕਰਮਚਾਰੀਆਂ ਨੂੰ ਨੌਕਰੀ ਮਿਲਣ ਦੀਆਂ ਵਧਾਈਆਂ ਅਤੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਪੂਰੀ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੌਖ ਮੁਤਾਬਕ ਨੇੜਲੇ ਸਟੇਸ਼ਨਾਂ ’ਤੇ ਤਾਇਨਾਤ ਕੀਤਾ ਜਾ ਰਿਹਾ ਹੈ।