ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਮਾਰਚ
‘ਆਪ’ ਦੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਵਿੱਚੋਂ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਮਨ ਅਰੋੜਾ ਨੇ ਵੱਡੇ ਫ਼ਰਕ ਨਾਲ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ। ਅਮਨ ਅਰੋੜਾ ਲਗਾਤਾਰ ਦੂਜੀ ਵਾਰ ਵਿਧਾਇਕ ਚੁਣੇ ਗਏ ਹਨ। ਅਮਨ ਅਰੋੜਾ ਨੇ ਵਿਰੋਧੀ ਉਮੀਦਵਾਰ ਕਾਂਗਰਸ ਪਾਰਟੀ ਦੇ ਜਸਵਿੰਦਰ ਸਿੰਘ ਧੀਮਾਨ ਨੂੰ 75,277 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾਇਆ ਹੈ। ਅੰਕੜਿਆਂ ਅਨੁਸਾਰ ਅਮਨ ਅਰੋੜਾ ਨੂੰ 94,794 ਵੋਟਾਂ, ਜਸਵਿੰਦਰ ਸਿੰਘ ਧੀਮਾਨ ਨੂੰ 19,517, ਅਕਾਲੀ-ਬਸਪਾ ਦੇ ਬਲਦੇਵ ਸਿੰਘ ਮਾਨ ਨੂੰ 12,714 ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਨਮੁਖ ਸਿੰਘ ਮੋਖਾ ਨੂੰ 11,351 ਵੋਟਾਂ ਮਿਲੀਆਂ ਹਨ। ਅਮਨ ਅਰੋੜਾ 2017 ਦੀਆਂ ਚੋਣਾਂ ਵੇਲੇ ‘ਆਪ’ ’ਚ ਸ਼ਾਮਲ ਹੋ ਗਏ ਸਨ। ਉਸ ਵੇਲੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ 30,307 ਵੋਟਾਂ ਦੇ ਫਰਕ ਨਾਲ ਹਰਾਇਆ ਸੀ।