ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਮਾਰਚ
ਕੇਂਦਰੀ ਹਵਾਬਾਜ਼ੀ ਵਿਭਾਗ ਵੱਲੋਂ ਹੁਣ ਹਵਾਈ ਅੱਡਿਆਂ ’ਤੇ ਕੰਮ ਕਰਦੇ ਅੰਮ੍ਰਿਤਧਾਰੀ ਕਰਮਚਾਰੀਆਂ ਨੂੰ ਸ੍ਰੀ ਸਾਹਿਬ ਪਾ ਕੇ ਅੰਦਰ ਕੰਮ ਲਈ ਜਾਣ ਤੋਂ ਰੋਕ ਲਾਉਣ ਦਾ ਇੱਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਹ ਨੋਟੀਫਿਕੇਸ਼ਨ ਕੇਂਦਰੀ ਹਵਾਬਾਜ਼ੀ ਮੰਤਰਾਲੇ 4 ਮਾਰਚ ਨੂੰ ਜਾਰੀ ਕੀਤਾ ਗਿਆ ਹੈ, ਜੋ ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਲਾਗੂ ਹੋਵੇਗਾ। ਨੋਟੀਫਿਕੇਸ਼ਨ ’ਚ ਅੰਮ੍ਰਿਤਧਾਰੀ ਸਿੱਖਾਂ ’ਤੇ ਲਾਈ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਵਿਰੋਧ ਕੀਤਾ ਹੈ।
23 ਸਫ਼ਿਆਂ ਦੇ ਇਸ ਨੋਟੀਫਿਕੇਸ਼ਨ, ਜਿਸ ਦੀ ਕਾਪੀ ਪੰਜਾਬੀ ਟ੍ਰਿਬਿਊਨ ਕੋਲ ਹੈ, ਦੇ ਸਫ਼ਾ ਨੰਬਰ ਪੰਜ ’ਤੇ ‘ਕਿਰਪਾਨ’ ਟਾਈਟਲ ਹੇਠ ਇਹ ਨਵੀਂ ਰੋਕ ਦਾ ਜ਼ਿਕਰ ਇਸ ਦੀ ਮਦ ਬੀ ਵਿੱਚ ਸ਼ਾਮਲ ਹੈ। ਇਸ ਵਿੱਚ ਲਿਖਿਆ ਕਿ ਸਿੱਖ ਯਾਤਰੂਆਂ ਨੂੰ ਛੱਡ ਕੇ ਕਿਸੇ ਵੀ ਸਿੱਖ ਕਰਮਚਾਰੀ ਤੇ ਹੋਰ ਸਿੱਖ ਸਹਿਭਾਗੀ ਨੂੰ ਹਵਾਈ ਅੱਡੇ ਦੇ ਕਿਸੇ ਵੀ ਟਰਮੀਨਲ ਚਾਹੇ ਉਹ ਘਰੇਲੂ ਹੋਵੇ ਜਾਂ ਕੌਮਾਂਤਰੀ, ਉੱਤੇ ਕਿਰਪਾਨ ਪਹਿਨ ਕੇ ਕੰਮ ਕਰਨ ਦੀ ਆਗਿਆ ਨਹੀਂ ਹੋਵੇਗੀ। ਮੱਦ ਵਿੱਚ ਇਹ ਵੀ ਦਰਜ ਹੈ ਕਿ ਸਿੱਖ ਯਾਤਰੂ ਛੇ ਇੰਚ ਦੀ ਸ੍ਰੀ ਸਾਹਿਬ ਪਹਿਨ ਕੇ ਘਰੇਲੂ ਉਡਾਣਾਂ ਵਿੱਚ ਸਫਰ ਕਰ ਸਕਦਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕਕਾਰਾਂ (ਕਿਰਪਾਨ) ’ਤੇ ਪਾਬੰਦੀ ਲਾਉਣ ਦਾ ਸਖ਼ਤ ਨੋਟਿਸ ਲੈਂਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ। ਉਨ੍ਹਾਂ ਨੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਪੱਤਰ ਭੇਜ ਕੇ ਇਸ ’ਤੇ ਸਖ਼ਤ ਇਤਰਾਜ ਜਤਾਉਂਦਿਆਂ ਇਸ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਤਾਜ਼ਾ ਨੋਟੀਫਿਕੇਸ਼ਨ, ਜਿਸ ਵਿਚ ਸਿੱਖ ਕਰਮਚਾਰੀਆਂ ਨੂੰ ਏਅਰਪੋਰਟ ਅੰਦਰ ਸਿੱਖ ਕਕਾਰ ਸ੍ਰੀ ਸਾਹਿਬ ਪਹਿਨ ਕੇ ਜਾਣ ਤੋਂ ਵਰਜਿਆ ਗਿਆ ਹੈ, ਸਿੱਖਾਂ ਨਾਲ ‘ਸ਼ਰ੍ਹੇਆਮ ਧੱਕਾ’ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇਹ ਵਿਤਕਰਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਵੱਡਾ ਹਮਲਾ ਹੈ, ਜਿਸ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਮਰੀਕਾ ਵਿਚ ਸਿੱਖਾਂ ਖਿਲਾਫ਼ ਵਧ ਰਹੇ ਵਿਤਕਰੇ ’ਤੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿੱਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।
ਨੋਟੀਫਿਕੇਸ਼ਨ ਸਿੱਖਾਂ ਦੇ ਹੱਕਾਂ ’ਤੇ ਡਾਕਾ ਕਰਾਰ
ਅੰਮ੍ਰਿਤਸਰ ਵਿਕਾਸ ਮੰਚ ਨੇ ਕੇਂਦਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਸਬੰਧੀ ਜਾਰੀ ਕੀਤੇ ਆਦੇਸ਼ ਨੂੰ ਸਿੱਖਾਂ ਨਾਲ ਵਿਤਕਰਾ ਕਰਾਰ ਦਿੱਤਾ ਹੈ। ਜਥੇਬੰਦੀ ਦੇ ਆਗੂਆਂ ਨੇ ਭਾਰਤੀ ਸੰਵਿਧਾਨ ਦੀ ਧਾਰਾ 25 ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਅੰਮ੍ਰਿਤਧਾਰੀ ਸਿੱਖਾਂ ਦੇ ਹੱਕਾਂ ’ਤੇ ਡਾਕਾ ਮਾਰਨ ਵਾਲੀ ਗੱਲ ਹੈ। ਉਨ੍ਹਾਂ ਨੇ ਗ੍ਰਹਿ ਮੰਤਰੀ ਅਤੇ ਕੇਂਦਰੀ ਹਵਾਬਾਜ਼ੀ ਮੰਤਰੀ ਨੂੰ ਇਹ ਆਦੇਸ਼ ਵਾਪਸ ਲੈਣ ਦੀ ਮੰਗ ਕੀਤੀ ਹੈ।