ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਮਾਰਚ
ਪੰਜਾਬ ਚੋਣਾਂ ਵਿੱਚ ਹੂੰਝਾ ਫੇਰੂ ਜਿੱਤ ਤੋਂ ਤਿੰਨ ਦਿਨ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਵਜੋਂ ਨਾਮਜ਼ਦ ਭਗਵੰਤ ਮਾਨ ਵਲੋਂ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ ਗਿਆ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਹ ਖੁਸ਼ ਹਨ ਕਿ ਪੰਜਾਬ ਨੂੰ ਸਾਲਾਂ ਦੀ ਲੰਮੀ ਉਡੀਕ ਬਾਅਦ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਕ ਇਕ ਪੈਸਾ ਆਮ ਲੋਕਾਂ ’ਤੇ ਖਰਚਿਆ ਜਾਵੇਗਾ ਤੇ ਚੋਣਾਂ ਤੋਂ ਪਹਿਲਾਂ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼ੁਕਰਾਨੇ ਵਜੋਂ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਨ੍ਹਾਂ ਇੱਥੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਉਨ੍ਹਾਂ ਅਕਾਲ ਤਖ਼ਤ ਵਿਖੇ ਮੱਥਾ ਟੇਕਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਰਿਕਰਮਾ ਕੀਤੀ ਅਤੇ ਹਰਿਮੰਦਰ ਸਾਹਿਬ ਪੁੱਜਣ ’ਤੇ ਆਮ ਆਦਮੀ ਪਾਰਟੀ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਜੀ ਆਇਆਂ ਆਖਿਆ ਗਿਆ। ਸੱਚਖੰਡ ਵਿੱਚ ਉਨ੍ਹਾਂ ਨੂੰ ਹਾਰ ਵੀ ਭੇਟ ਕੀਤਾ ਗਿਆ।