Amritsar news: ਹਰਿਮੰਦਰ ਸਾਹਿਬ ਸਮੂਹ ’ਚ ਰੰਗ ਰੋਗਨ ਦੀ ਸੇਵਾ ਆਰੰਭ
ਇਕਬਾਲ ਸਿੰਘ ਬੰਬੇ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ ਸੇਵਾ
ਸੱਚਖੰਡ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ ਰੋਗਨ ਦੀ ਸੇਵਾ ਅੱਜ ਆਰੰਭ ਹੋ ਗਈ ਹੈ। ਇਸ ਸਬੰਧ ਵਿੱਚ ਅਰਦਾਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸੇਵਾ ਆਰੰਭ ਕੀਤੀ ਗਈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਨੁੱਖਤਾ ਲਈ ਸਰਬ ਸਾਂਝਾ ਕੇਂਦਰ ਹੈ, ਜਿੱਥੇ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤ ਨਤਮਸਤਕ ਹੋਣ ਪੁੱਜਦੀ ਹੈ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਸਮੂਹ ਨੂੰ ਰੰਗ ਰੋਗਨ ਕਰਨ ਦੀ ਸੇਵਾ ਅੱਜ ਸ਼ੁਰੂ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਇਕਬਾਲ ਸਿੰਘ ਬੰਬੇ ਵਾਲਿਆਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸੇਵਕ ਪਰਿਵਾਰ ਨੇ ਪਹਿਲਾਂ ਵੀ ਗੁਰੂ ਘਰ ਦੀਆਂ ਸੇਵਾਵਾਂ ਵਿਚ ਵੱਡਾ ਯੋਗਦਾਨ ਪਾਇਆ ਹੈ। ਇਸ ਮੌਕੇ ਗਿਆਨੀ ਅਮਰਜੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਗਿਆਨੀ ਟੇਕ ਸਿੰਘ ਵੱਲੋਂ ਸੇਵਕ ਪਰਿਵਾਰ ਇਕਬਾਲ ਸਿੰਘ ਬੰਬੇ ਵਾਲੇ, ਹਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਤੇ ਹਰਬੰਸ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਅਰਦਾਸੀਆ ਭਾਈ ਪ੍ਰੇਮ ਸਿੰਘ, ਐਕਸੀਅਨ ਸੁਖਜਿੰਦਰ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਲਾਲ ਸਿੰਘ ਤੇ ਹੋਰ ਮੌਜੂਦ ਸਨ।
ਇਸ ਦੌਰਾਨ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਲੋੜੀਂਦੀ ਮੁਰੰਮਤ ਅਤੇ ਰੰਗ ਰੋਗਨ ਦੀ ਸੇਵਾ ਅੱਜ ਅਰਦਾਸ ਮਗਰੋਂ ਆਰੰਭ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੁਰੰਮਤ ਦੀ ਲੋੜ ਨੂੰ ਮੁੱਖ ਰੱਖਦਿਆਂ ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਲੋੜ ਅਨੁਸਾਰ ਮੁਰੰਮਤ ਕਰਕੇ ਰੰਗ ਰੋਗਨ ਦਾ ਕਾਰਜ ਮੁਕੰਮਲ ਕੀਤਾ ਜਾਵੇਗਾ।

