ਅੰਮ੍ਰਿਤਸਰ ਦਾ ਪੁਲੀਸ ਕਮਿਸ਼ਨਰ ਤੇ ਮੁਹਾਲੀ ਦਾ ਐੱਸਐੱਸਪੀ ਤਲਬ
ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਦੋਵਾਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ
Advertisement
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਤੇ ਐੱਸਐੱਸਪੀ ਮੁਹਾਲੀ ਨੂੰ ਦੋ ਵੱਖ-ਵੱਖ ਮਾਮਲਿਆਂ ’ਚ ਤਲਬ ਕੀਤਾ ਹੈ। ਦੋਵਾਂ ਅਧਿਕਾਰੀਆਂ ਨੂੰ 4 ਅਗਸਤ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਪਹਿਲੇ ਮਾਮਲੇ ਵਿੱਚ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਰਿਪੋਰਟ ਕਰਨ ਦਾ ਹੁਕਮ ਦਿੱਤਾ ਗਿਆ ਹੈ। ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਰਮਿੰਦਰ ਕੌਰ ਪਤਨੀ ਭੂਸ਼ਣ ਕੁਮਾਰ ਵਾਸੀ ਅੰਮ੍ਰਿਤਸਰ ਦੀ ਸ਼ਿਕਾਇਤ ’ਚ ਹਾਲੇ ਤੱਕ ਮੁਲਜ਼ਮ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਪੁੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਨਿੱਜੀ ਪੱਧਰ ’ਤੇ ਪੂਰੀ ਰਿਪੋਰਟ ਲੈ ਕੇ 4 ਅਗਸਤ 2025 ਨੂੰ ਹਾਜ਼ਰ ਹੋਣ ਦੇ ਹੁਕਮ ਦਿੱਤੇ ਗਏ ਹਨ। ਦੂਜੇ ਮਾਮਲੇ ਵਿੱਚ ਡਾ. ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ਼-4 ਮੁਹਾਲੀ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫ਼ਤਰ ਦੇ ਮੁਖੀ ਅਸ਼ਵਨੀ ਕਾਲੀਆ ਵੱਲੋਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਜਾਤੀ ਸੂਚਕ ਸ਼ਬਦ ਬੋਲੇ ਗਏ, ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵੱਲੋਂ ਵੀ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਪ੍ਰੰਤੂ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਹੋਣ ਕਾਰਨ ਮੁਹਾਲੀ ਦੇ ਐੱਸਐੱਸਪੀ ਹਰਮਨਦੀਪ ਸਿੰਘ ਹੰਸ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਦੇ ਐੱਸਐੱਸਪੀ ਨੂੰ ਤੱਥਾਂ ’ਤੇ ਆਧਾਰਤ ਮੁਕੰਮਲ ਰਿਪੋਰਟ ਪੇਸ਼ ਕਰਨ ਲਈ ਨਿੱਜੀ ਪੱਧਰ ’ਤੇ ਹਾਜ਼ਰ ਹੋ ਕੇ ਜਾਣਕਾਰੀ ਦੇਣ ਦੇ ਹੁਕਮ ਕੀਤੇ ਗਏ ਹਨ।
Advertisement
Advertisement