ਅਵਤਾਰ ਸਿੰਘ ਧਾਲੀਵਾਲ
ਭਾਈਰੂਪਾ, 6 ਜੁਲਾਈ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਬਠਿੰਡਾ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਦੀ ਅਗਵਾਈ ਹੇਠ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਘਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਗਈ। ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਵੀ ਲਾਏ। ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੇ ਖੂਨ ਨਾਲ ਲਿਖਿਆ ਮੰਗ ਪੱਤਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜਿਆ। ਜਥੇਬੰਦੀ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ 3 ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਭੇਜ ਦਿੱਤੇ ਸਨ, ਨੂੰ ਹੋਏ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਿਆ ਜਾਵੇ, ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਹਰਿਆਣਾ ਪੈਟਰਨ ’ਤੇ ਮਾਣ ਭੱਤਾ ਦਿੱਤਾ ਜਾਵੇ, ਐੱਨਜੀਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਮੁੱਖ ਵਿਭਾਗ ਅਧੀਨ ਲਿਆਂਦਾ ਜਾਵੇ, 2015 ਵਿੱਚ ਗਲਤ ਸਰਟੀਫਿਕੇਟ ਪੇਸ਼ ਕਰਕੇ ਵਰਕਰ ਤੋਂ ਸੁਪਰਵਾਈਜ਼ਰ ਬਣੀਆਂ ਵਰਕਰਾਂ ਨੂੰ ਤੁਰੰਤ ਨੌਕਰੀ ਤੋਂ ਫਾਰਗ ਕਰਕੇ 420 ਦੇ ਪਰਚੇ ਦਰਜ ਕੀਤੇ ਜਾਣ। ਯੁੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਫੇਰ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕਰਕੇ ਦੋ ਦਿਨ ਭੁੱਖ ਹੜਤਾਲ ਰੱਖੀ ਜਾਵੇਗੀ। ਇਸ ਮੌਕੇ ਜਸਵਿੰਦਰ ਕੌਰ ,ਆਰਤੀ ਸ਼ਰਮਾ, ਗੁਰਮੀਤ ਕੌਰ, ਗੁਰਜੀਤ ਕੌਰ, ਬਲਵੀਰ ਕੌਰ, ਗੁਰਮੇਲ ਕੌਰ, ਗੁਰਦੇਵ ਕੌਰ ਹਾਜ਼ਰ ਸਨ।