ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 31 ਅਗਸਤ
ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਕਰਨਾਲ ਵਿੱਚ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਹੋਰ ਜਥੇਬੰਦੀਆਂ ਵੱਲੋਂ ਆਪ ਮੁਹਾਰੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਹਰਿਆਣਾ, ਪੰਜਾਬ ਤੇ ਉਤਰਾਖੰਡ ਤੋਂ ਇਲਾਵਾ ਬਿਹਾਰ, ਝਾਰਖੰਡ, ਉੜੀਸਾ ਤੇ ਮੱਧ ਪ੍ਰਦੇਸ਼ ਵਰਗੇ ਸੂਬਿਆਂ ਵਿੱਚ ਵੀ ਕਿਸਾਨਾਂ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ। ਕਿਸਾਨ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਵੀ ਹਰਿਆਣਾ ਸਰਕਾਰ ਦੇ ਕਿਸਾਨ ਵਿਰੋਧੀ ਜਬਰ ਵਿਰੁੱਧ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ।
ਹਨਨ ਮੁੱਲਾ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਹਰਿਆਣਾ ਸਰਕਾਰ ਦੇ ਹੋਰ ਮੰਤਰੀਆਂ ਦਾ ਇਹ ਬਿਆਨ ਕਿ ਕਿਸਾਨਾਂ ਦੇ ਵਿਰੋਧ ਪਿੱਛੇ ਪੰਜਾਬ ਸਰਕਾਰ ਦਾ ਹੱਥ ਹੈ, ਕਿਸਾਨਾਂ ਦਾ ਇੱਕ ਹੋਰ ਅਪਮਾਨ ਹੈ। ਹਰਿਆਣਾ ਦੇ ਮੰਤਰੀ ਕਿਸਾਨਾਂ ਦੇ ਗੁੱਸੇ ਅਤੇ ਸੰਕਲਪ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਕਿਸਾਨਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਕਿਸਾਨ ਇਕਜੁੱਟ ਹਨ। ਮੋਰਚੇ ਨੇ ਅੰਬਾਲਾ ਦੇ ਸ਼ਹਿਜ਼ਾਦਪੁਰ ਥਾਣੇ ’ਚ ਕੌਮੀ ਮਾਰਗ ਰੋਕਣ ਦੇ ਦੋਸ਼ ਹੇਠ ਗੁਰਨਾਮ ਸਿੰਘ ਚੜੂਨੀ ਤੇ ਹੋਰ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸਾਂ ਦੀ ਨਿਖੇਧੀ ਕੀਤੀ।
ਮੁਜ਼ੱਫਰਨਗਰ ਮਹਾਪੰਚਾਇਤ ਦੀ ਤਿਆਰੀ ਸਬੰਧੀ ਮੀਟਿੰਗਾਂ
ਯੁੱਧਵੀਰ ਸਿੰਘ ਤੇ ਯੋਗੇਂਦਰ ਯਾਦਵ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜ ਸਤੰਬਰ ਨੂੰ ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ’ਚ ਹਿੱਸਾ ਲੈਣ ਦੀ ਤਿਆਰੀ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਕਾਰਜ ‘ਮਿਸ਼ਨ ਯੂਪੀ ਤੇ ਉਤਰਾਖੰਡ’ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਅੱਜ ਸਵੇਰੇ ਅਲੀਗੜ੍ਹ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਕਿਸਾਨ ਆਗੂ ’ਤੇ ਕੀਤੇ ਗਏ ਹਮਲੇ ਦੀ ਸੰਯੁਕਤ ਮੋਰਚੇ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।