ਦਵਿੰਦਰ ਪਾਲ
ਚੰਡੀਗੜ੍ਹ, 20 ਅਗਸਤ
ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਸੀਨੀਅਰ ਸਿਆਸੀ ਆਗੂ ਅਨਿਲ ਜੋਸ਼ੀ ਤੇ ਭਾਜਪਾ ਦੀ ਸਾਬਕਾ ਵਿਧਾਇਕਾ ਸੁਖਜੀਤ ਕੌਰ ਸ਼ਾਹੀ ਸਮੇਤ ਅੱਧੀ ਦਰਜਨ ਭਾਜਪਾ ਆਗੂ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਆਗੂਆਂ ਦੀ ਪਾਰਟੀ ਵਿੱਚ ਸ਼ਮੂਲੀਅਤ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਲੋਕਾਂ ਲਈ ਸਪਸ਼ਟ ਸੁਨੇਹਾ ਹੈ, ਜੋ ਸ਼ਹਿਰੀ ਲੋਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਆਪਣੀ ਸੋਚ ’ਤੇ ਡੱਟ ਕੇ ਖੜ੍ਹਾ ਹੈ। ਸ੍ਰੀ ਬਾਦਲ ਨੇ ਕਿਹਾ, ‘‘ਮੈਂ ਆਪਣੀ ਜਾਨ ਤਾਂ ਗੁਆ ਸਕਦਾ ਹਾਂ, ਪਰ ਕਿਸੇ ਵੀ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਭੰਗ ਨਹੀਂ ਹੋਣ ਦੇ ਸਕਦਾ।’’ ਉਨ੍ਹਾਂ ਦੀ ਅਗਵਾਈ ਹੇਠ ਪਾਰਟੀ ਨੇ ਇਕ ਮਤਾ ਪਾਸ ਕਰ ਕੇ ਅੱਜ ਦੇ ਇਤਿਹਾਸਕ ਦਿਨ ਨੂੰ ਕਿਸਾਨੀ ਸੰਘਰਸ਼ ਅਤੇ ਫਿਰਕੂ ਸਦਭਾਵਨਾ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸਮਰਪਿਤ ਕੀਤਾ। ਅਕਾਲੀ ਆਗੂਆਂ ਨੇ ਦਾਅਵਾ ਕੀਤਾ ਕਿ ਭਾਜਪਾ ਨਾਲ ਸਬੰਧਤ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ’ਚ ਹਿੰਦੂ ਸਿੱਖ ਏਕਤਾ ਨੂੰ ਮਜ਼ਬੂਤੀ ਮਿਲੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਅਨਿਲ ਜੋਸ਼ੀ ਦਲੇਰ ਆਗੂ ਹਨ, ਜਿਨ੍ਹਾਂ ਆਪਣੇ ਹਲਕੇ ਦੇ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਲਈ ਬਹੁਤ ਕੰਮ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸ੍ਰੀ ਜੋਸ਼ੀ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਹੋਣਗੇ ਤੇ ਉਨ੍ਹਾਂ ਨੂੰ ਅੰਮ੍ਰਿਤਸਰ ਉੱਤਰੀ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਜੋਂ ਉਤਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੁਜਾਨਪੁਰ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਾਜ ਕੁਮਾਰ ਗੁਪਤਾ ਪਾਰਟੀ ਦੇ ਮੀਤ ਪ੍ਰਧਾਨ ਹੋਣਗੇ ਤੇ ਉਨ੍ਹਾਂ ਨੂੰ ਸੁਜਾਨਪੁਰ ਤੋਂ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਜਾਵੇਗਾ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹੋਰਨਾਂ ਆਗੂੂਆਂ ਨੂੰ ਵੀ ਅਹਿਮ ਅਹੁਦੇ ਦਿੱਤੇ ਗਏ। ਸਾਬਕਾ ਵਿਧਾਇਕਾ ਸੁਖਜੀਤ ਕੌਰ ਸ਼ਾਹੀ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਨੇ ਅਨਿਲ ਜੋਸ਼ੀ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਦੇ ਫੈਸਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਜਥੇਦਾਰ ਤੋਤਾ ਸਿੰਘ, ਮਹੇਸ਼ਇੰਦਰ ਸਿੰਘ ਗਰੇਵਾਲ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ, ਸਰੂਪ ਚੰਦ ਸਿੰਗਲਾ, ਪ੍ਰਕਾਸ਼ ਚੰਦ ਗਰਗ ਤੇ ਸਰਬਜੀਤ ਸਿੰਘ ਮੱਕੜ ਵੀ ਹਾਜ਼ਰ ਸਨ।
‘ਅਕਾਲੀ-ਭਾਜਪਾ ਗੱਠਜੋੜ ਦਾ ਮਕਸਦ ਸਮਾਜਿਕ ਵੰਡੀਆਂ ਨੂੰ ਖਤਮ ਕਰਨਾ ਸੀ’
ਅਨਿਲ ਜੋਸ਼ੀ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਗੱਠਜੋੜ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਣਾਇਆ ਸੀ। ਇਸ ਗੱਠਜੋੜ ਦਾ ਮਕਸਦ ਅਤਿਵਾਦ ਦੇ ਦੌਰ ਤੋਂ ਬਾਅਦ ਸਮਾਜਿਕ ਵੰਡੀਆਂ ਨੂੰ ਖਤਮ ਕਰਨਾ ਸੀ। ਉਨ੍ਹਾਂ ਕਿਹਾ ਕਿ ਜਿਸ ਪਾਰਟੀ ਲਈ ਸ਼ੁਰੂ ਤੋਂ ਕੰਮ ਕੀਤਾ, ਉਹ ਇਸ ਕਰ ਕੇ ਛੱਡਣੀ ਪਈ ਕਿਉਂਕਿ ਉਸ ਨੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਪ੍ਰਤੀ ਅੱਖਾਂ ਮੀਟ ਲਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸੂਬਾਈ ਆਗੂਆਂ ਨੇ ਵੀ ਕੇਂਦਰੀ ਲੀਡਰਸ਼ਿਪ ਨੂੰ ਗੁੰਮਰਾਹ ਕੀਤਾ। ਸ੍ਰੀਮਤੀ ਸ਼ਾਹੀ ਨੇ ਕਿਹਾ ਕਿ ਉਨ੍ਹਾਂ ਦੀ ਅੰਤਰ-ਆਤਮਾ ਨੇ ਉਨ੍ਹਾਂ ਨੂੰ ਕਿਸਾਨਾਂ ਖਿਲਾਫ ਜਾਣ ਦੀ ਆਗਿਆ ਨਹੀਂ ਦਿੱਤੀ।