ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਜੁਲਾਈ
ਕਿਸਾਨਾਂ ਦੀ ਹਮਾਇਤ ਕਰਨ ਦੇ ਮਾਮਲੇ ਵਿਚ ਸਾਬਕਾ ਭਾਜਪਾ ਮੰਤਰੀ ਅਨਿਲ ਜੋਸ਼ੀ ਜਿਨ੍ਹਾਂ ਨੂੰ ਪਾਰਟੀ ਨੇ ਅਨੁਸ਼ਾਸਨਹੀਣਤਾ ਦੇ ਦੋਸ਼ ਹੇਠ ਪਾਰਟੀ ਤੋਂ ਫਾਰਗ ਕਰ ਦਿੱਤਾ ਹੈ, ਨੇ ਅੱਜ ਗੁਰੂ ਘਰ ਮੱਥਾ ਟੇਕਿਆ ਹੈ।
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸ੍ਰੀ ਜੋਸ਼ੀ ਨੇ ਆਖਿਆ ਕਿ ਅੱਜ ਗੁਰੂ ਘਰ ਨਤਮਸਤਕ ਹੋ ਕੇ ਅਰਦਾਸ ਕੀਤੀ ਹੈ ਕਿ ਹੱਕ ਸੱਚ ਦੇ ਰਸਤੇ ’ਤੇ ਚੱਲਣ ਲਈ ਪ੍ਰਮਾਤਮਾ ਬਲ ਬਖਸ਼ੇ ਤਾਂ ਜੋ ਉਹ ਲੋਕਾਂ ਦੇ ਹੱਕਾਂ ਲਈ ਲੜਾਈ ਲੜ ਸਕਣ। ਉਨ੍ਹਾਂ ਨਾਲ ਵੱਡੀ ਗਿਣਤੀ ਵਿੱਚ ਸਮਰਥਕ ਵੀ ਹਾਜ਼ਰ ਸਨ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਫਿਲਹਾਲ ਕਿਸੇ ਵੀ ਸਿਆਸੀ ਪਾਰਟੀ ਨਾਲ ਜੁੜਨ ਬਾਰੇ ਕੋਈ ਫ਼ੈਸਲਾ ਨਹੀਂ ਕੀਤਾ ਹੈ। ਇਸ ਬਾਰੇ ਸਿਆਸੀ ਹਲਕਿਆਂ ਵਿੱਚ ਚੱਲ ਰਹੀ ਚਰਚਾ ਨੂੰ ਉਨ੍ਹਾਂ ਅਫਵਾਹਾਂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਫਿਲਹਾਲ ਵਿਧਾਨ ਸਭਾ ਚੋਣਾਂ ਵਿਚ 6-7 ਮਹੀਨੇ ਦਾ ਸਮਾਂ ਹੈ ਅਤੇ ਚੋਣਾਂ ਨੇੜੇ ਆਉਣ ’ਤੇ ਇਸ ਬਾਰੇ ਫ਼ੈਸਲਾ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਤਿੰਨ ਦਹਾਕੇ ਤੋਂ ਵੱਧ ਤਨਦੇਹੀ ਨਾਲ ਇਕ ਇਮਾਨਦਾਰ ਵਰਕਰ ਵਜੋਂ ਸੇਵਾ ਕੀਤੀ ਹੈ। ਪਾਰਟੀ ਵਿਚੋਂ ਫਾਰਗ ਕੀਤੇ ਜਾਣ ਦੀ ਕਾਰਵਾਈ ਬਾਰੇ ਉਨ੍ਹਾਂ ਕਿਹਾ ਕਿ ਪਾਰਟੀ ਦਾ ਇਹ ਫ਼ੈਸਲਾ ਉਨ੍ਹਾਂ ਲਈ ਗੋਲਡ ਮੈਡਲ ਬਰਾਬਰ ਹੈ। ਉਹ ਇਸ ਫ਼ੈਸਲੇ ਨਾਲ ਕੋਈ ਸ਼ਰਮਿੰਦਗੀ ਮਹਿਸੂਸ ਨਹੀਂ ਕਰ ਰਹੇ ਸਗੋਂ ਉਨ੍ਹਾਂ ਨੂੰ ਫਖ਼ਰ ਹੈ ਕਿ ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 500 ਤੋਂ ਵੱਧ ਕਿਸਾਨਾਂ ਲਈ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨਾ ਕੋਈ ਮਾੜੀ ਗੱਲ ਨਹੀਂ ਹੈ। ਅੱਜ ਵੀ ਗੁਰੂ ਘਰ ਵਿਚ ਅਰਦਾਸ ਕੀਤੀ ਹੈ ਕਿ ਪੰਜਾਬੀਆਂ ਦੇ ਭਲੇ ਅਤੇ ਹੱਕਾਂ ਦੀ ਰਾਖੀ ਲਈ ਗੁਰੂ ਸਾਹਿਬ ਲੜਨ ਦਾ ਬਲ ਬਖਸ਼ਣ। ਇਸ ਦੌਰਾਨ ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਕਿਸਾਨ ਜਥੇਬੰਦੀ ਦੇ ਆਗੂ ਉਸ ਨੂੰ ਮਿਲੇ ਹਨ ਤੇ ਉਸ ਦੀ ਹੌਸਲਾ-ਅਫਜ਼ਾਈ ਕੀਤੀ ਹੈ ਅਤੇ ਦਿੱਲੀ ਮੋਰਚੇ ਵਿਚ ਆਉਣ ਵਾਸਤੇ ਵੀ ਕਿਹਾ ਹੈ। ਇਸ ਦੌਰਾਨ ਉਨ੍ਹਾਂ ਦੁਰਗਿਆਣਾ ਮੰਦਿਰ ਵੀ ਮੱਥਾ ਟੇਕਿਆ ਹੈ।