ਪੱਤਰ ਪ੍ਰੇਰਕ
ਚੰਡੀਗੜ੍ਹ, 30 ਮਈ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਮੀਟਿੰਗ ਸੁਖਵਿੰਦਰ ਸਿੰਘ ਚਾਹਲ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸਿੱਖਿਆ ਮੰਤਰੀ ਵੱਲੋਂ ਮੋਰਚੇ ਨਾਲ ਹੋਣ ਵਾਲੀ ਮੀਟਿੰਗ 15 ਮਈ ਤੱਕ ਮੁਲਤਵੀ ਕਰਨ ਤੋਂ ਬਾਅਦ ਦੁਬਾਰਾ ਮੁਲਾਕਾਤ ਨਾ ਕਰਨ ਦੀ ਨਿਖੇਧੀ ਕੀਤੀ ਗਈ। ਅਧਿਆਪਕ ਮੋਰਚਾ ਦੇ ਸੂਬਾਈ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ, ਵਿਕਰਮ ਦੇਵ ਸਿੰਘ, ਬਲਜੀਤ ਸਿੰਘ ਸਲਾਣਾ, ਹਰਜੀਤ ਸਿੰਘ ਬਸੋਤਾ, ਸੁਖਵਿੰਦਰ ਸਿੰਘ ਚਾਹਲ, ਸੂਬਾ ਕੋ ਕਨਵੀਨਰਾਂ ਸੁਖਰਾਜ ਸਿੰਘ ਕਾਹਲੋਂ ਅਤੇ ਸੁਖਜਿੰਦਰ ਸਿੰਘ ਹਰੀਕਾ ਨੇ ਦੱਸਿਆ ਕਿ 3 ਜੂਨ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਕਾਲੇ ਝੰਡਿਆਂ ਨਾਲ ਮੋਟਰਸਾਈਕਲ ਮਾਰਚ ਕਰਕੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕੇ ਜਾਣਗੇ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਵੱਲ ਰੋਸ ਪੱਤਰ ਦਿੱਤੇ ਜਾਣਗੇ।