ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਵੱਲੋਂ ਬਿਜਲੀ ਸੋਧ ਬਿੱਲ-2025 ਨੂੰ ਲੈ ਕੇ ਅੱਜ ਇੱਥੇ ਕਿਸਾਨ ਭਵਨ ਚੰਡੀਗੜ੍ਹ ਵਿੱਚ ਸਾਂਝੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਾਵਰਕੌਮ ਦੀਆਂ ਕਰਮਚਾਰੀ ਯੂਨੀਅਨਾਂ, ਮਜ਼ਦੂਰ ਯੂਨੀਅਨਾਂ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਚਰਚਾ ਕਰਦਿਆਂ ਬਿਜਲੀ ਸੋਧ ਬਿੱਲ-2025 ਨੂੰ ਭਾਰਤ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਕਰਾਰ ਦਿੱਤਾ। ਇਸ ਦੇ ਨਾਲ ਹੀ ਸਾਰੀਆਂ ਜਥੇਬੰਦੀਆਂ ਵੱਲੋਂ ਬਿਜਲੀ ਸੋਧ ਬਿੱਲ-2025 ਵਿਰੁੱਧ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਰਵਣ ਸਿੰਘ ਪੰਧੇਰ, ਸਰਬਜੀਤ ਸਿੰਘ, ਦਵਿੰਦਰ ਸਿੰਘ, ਕਰਨਬੀਰ ਸਿੰਘ, ਮਨਜੀਤ ਰਾਏ ਤੇ ਬਲਵੰਤ ਸਿੰਘ ਬਹਿਰਾਮਕੇ ਨੇ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਬਿਜਲੀ ਸੋਧ ਬਿੱਲ-2025 ਖ਼ਿਲਾਫ਼ 15 ਤੋਂ 17 ਨਵੰਬਰ ਤੱਕ ਪੰਜਾਬ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਹੈ। 10 ਦਸੰਬਰ ਨੂੰ ਪੰਜਾਬ ਭਰ ਵਿੱਚ ਜ਼ਬਰਦਸਤੀ ਲਗਾਏ ਗਏ ਪ੍ਰੀਪੇਡ ਸਮਾਰਟ ਚਿਪ ਮੀਟਰ ਖ਼ਪਤਕਾਰਾਂ ਦੀ ਸਹਿਮਤੀ ਨਾਲ ਉਖਾੜ ਕੇ ਵਿਭਾਗ ਨੂੰ ਵਾਪਸ ਸੌਂਪੇ ਜਾਣਗੇ। ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਮੋਰਚਾ ਨੇ ਬਿਜਲੀ ਕਰਮਚਾਰੀ ਯੂਨੀਅਨਾਂ ਵੱਲੋਂ 2 ਨਵੰਬਰ ਨੂੰ ਬਿਜਲੀ ਮੰਤਰੀ ਦੇ ਘਰ ਦੇ ਬਾਹਰ ਲਗਾਏ ਜਾਣ ਵਾਲੇ ਧਰਨੇ ਦੇ ਸੱਦੇ ਦੀ ਹਮਾਇਤ ਕੀਤੀ ਹੈ।
ਮੋਰਚੇ ਦੇ ਆਗੂਆਂ ਨੇ ਕਿਹਾ, ‘‘ਬਿਜਲੀ ਸੋਧ ਬਿੱਲ-2025 ਦੇਸ਼ ਦੇ ਸੰਘੀ ਢਾਂਚੇ ’ਤੇ ਸਿੱਧਾ ਹਮਲਾ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਸੱਤਾਧਾਰੀ ਧਿਰ ‘ਆਪ’ ਵੱਲੋਂ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ ਗਈ ਹੈ। ਇਹ ਉਨ੍ਹਾਂ ਦੀ ਮੌਨ ਸਹਿਮਤੀ ਹੈ।’’ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਦੇ ਰੋਸ ਪ੍ਰਦਰਸ਼ਨ ਕਰਨ ਦੇ ਅਧਿਕਾਰ ਨੂੰ ਦਰੜਨ ਲਈ ਦਾਖਲੇ ਵੇਲੇ ਜੋ ਹਲਫੀਆ ਬਿਆਨ ਲਿਆ ਜਾ ਰਿਹਾ ਹੈ, ਉਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ ਖੋਹਣ ਦੇ ਤੁਲ ਹੈ। ਇਸ ਸ਼ਰਤ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।
ਕੇ ਐੱਮ ਐੱਮ ਦੇ ਦਰਵਾਜ਼ੇ ਏਕੇ ਲਈ ਹਮੇਸ਼ਾ ਖੁੱਲ੍ਹੇ
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਬਿਜਲੀ ਸੋਧ ਬਿੱਲ-2025 ਬਾਰੇ ਸੱਦੀ ਮੀਟਿੰਗ ਵਿੱਚ ਐੱਸ ਕੇ ਐੱਮ ਨਾਲ ਸਬੰਧਤ ਜਥੇਬੰਦੀਆਂ ਦੀ ਗੈਰ ਮੌਜੂਦਗੀ ਬਾਰੇ ਕਿਹਾ ਕਿ ਐੱਸ ਕੇ ਐਮ ਨਾਲ ਸਬੰਧਤ ਜਥੇਬੰਦੀਆਂ ਨੇ ਬਿਜਲੀ ਸੋਧ ਬਿੱਲ ’ਤੇ ਵਿਚਾਰ ਵਟਾਂਦਰੇ ਲਈ ਦਿੱਤੇ ਗਏ ਸੱਦੇ ਦੇ ਢੰਗ ਨੂੰ ਸ਼ਾਇਦ ਗਲਤ ਸਮਝਿਆ ਹੋਵੇ, ਪਰ ਕੇ ਐੱਮ ਐੱਮ ਦੇ ਦਰਵਾਜ਼ੇ ਏਕੇ ਲਈ ਹਮੇਸ਼ਾ ਖੁੱਲ੍ਹੇ ਹਨ।