ਸੁਰਜੀਤ ਮਜਾਰੀ
ਬੰਗਾ, 28 ਸਤੰਬਰ
ਸ਼ਹੀਦ ਭਗਤ ਸਿੰਘ ਦੀ ਜਨਮ ਵਰ੍ਹੇਗੰਢ ਮੌਕੇ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ ਮੁੜ ਸ਼ੁਰੂ ਕਰਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸ਼ਹੀਦ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਐਲਾਨ ਕੀਤਾ ਹੈ। ਇਥੇ ਖਟਕੜ ਕਲਾਂ ਵਿੱਚ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਐਵਾਰਡ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਯੋਗਦਾਨ ਪਾਉਣ ਵਾਲੇ 46 ਨੌਜਵਾਨਾਂ ਨੂੰ ਹਰ ਸਾਲ ਦਿੱਤਾ ਜਾਵੇਗਾ। ਐਵਾਰਡ ਵਿੱਚ ਪ੍ਰਸ਼ੰਸਾ ਪੱਤਰ ਤੋਂ ਇਲਾਵਾ 51000 ਰੁਪਏ ਦਾ ਨਗਦ ਇਨਾਮ ਵੀ ਹੋਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਸੂਬਾ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਚੇਅਰ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਚੇਅਰ ਸ਼ਹੀਦ ਭਗਤ ਦੇ ਜੀਵਨ ਤੇ ਵਿਚਾਰਧਾਰਾ ਉਤੇ ਖੋਜ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਦੇ ਨਾਲ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰੇਗੀ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਇਹ ਪ੍ਰਣ ਕਰਨ ਦਾ ਸੱਦਾ ਦਿੱਤਾ ਕਿ ਉਹ ਚੰਗੇ ਮੌਕਿਆਂ ਦੀ ਤਲਾਸ਼ ਵਿਚ ਆਪਣਾ ਵਤਨ ਛੱਡ ਕੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਬਿਹਤਰ ਜ਼ਿੰਦਗੀ ਦੀ ਭਾਲ ਵਿਚ ਦੇਸ਼ ਛੱਡ ਕੇ ਜਾਣ ਦੀ ਬਜਾਏ ਇੱਥੇ ਹੀ ਸ਼ਾਸਨ ਪ੍ਰਣਾਲੀ ਨੂੰ ਸੁਧਾਰਾਂਗੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਭ੍ਰਿਸ਼ਟਾਚਾਰ, ਕੁਨਬਾਪ੍ਰਸਤੀ ਅਤੇ ਗੁਰਬਤ ਦੀਆਂ ਜੜ੍ਹਾਂ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸ਼ਾਸਕ ਬਰਤਾਨਵੀ ਹਕੂਮਤ ਤੋਂ ਬਾਅਦ ਸੱਤਾ ਵਿਚ ਆਏ, ਉਨ੍ਹਾਂ ਵਿਦੇਸ਼ੀ ਹਾਕਮਾਂ ਤੋਂ ਵੀ ਵੱਧ ਬੇਰਹਿਮੀ ਨਾਲ ਮੁਲਕ ਨੂੰ ਲੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਮਾਤ ਭੂਮੀ ਲਈ ਮਹਾਨ ਸ਼ਹੀਦਾਂ ਦੇ ਯੋਗਦਾਨ ਉਤੇ ਸਵਾਲ ਚੁੱਕਣ ਦਾ ਹੱਕ ਨਹੀਂ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡੇ ਨੇੜੇ ਸ਼ਹੀਦ ਭਗਤ ਸਿੰਘ ਦਾ 5-ਡੀ ਬੁੱਤ ਸਥਾਪਤ ਕਰੇਗੀ।
‘ਸ਼ਹੀਦ ਭਗਤ ਸਿੰਘ ਸੰਸਥਾ ਸਨ’
ਫ਼ਿਰੋਜ਼ਪੁਰ(ਸੰਜੀਵ ਹਾਂਡਾ): ਇਥੇ ਹੁਸੈਨੀਵਾਲਾ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਿਰਫ਼ ਇੱਕ ਵਿਅਕਤੀ ਨਹੀਂ ਬਲਕਿ ਸੰਸਥਾ ਸਨ, ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਬਲਿਦਾਨ ਸਾਨੂੰ ਦੇਸ਼ ਸੇਵਾ ਲਈ ਪ੍ਰੇਰਿਤ ਕਰਦਾ ਰਹੇਗਾ। ਸਮਾਗਮ ਤੋਂ ਇਕਪਾਸੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਾਨੂੰਨੀ ਸਲਾਹ ਮਸ਼ਵਰੇ ਕੀਤੇ ਜਾ ਰਹੇ ਹਨ ਅਤੇ ਕਾਨੂੰਨੀ ਰਾਹ ਪੱਧਰਾ ਹੋਣ ਤੋਂ ਬਾਅਦ ਹੀ ਕੋਈ ਠੋਸ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਫ਼ਿਰੋਜ਼ਪੁਰ ਸਥਿਤ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਨੂੰ ਅਪਗ੍ਰੇਡ ਕਰਨ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਨੇ ਇਥੇ ਮੱਲਵਾਲ ਵਿੱਚ 20 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੱਕ ਲੱਖ ਲਿਟਰ ਦੁੱਧ ਦੀ ਸਮਰੱਥਾ ਵਾਲੇ ਵੇਰਕਾ ਮਿਲਕ ਪਲਾਂਟ ਦਾ ਉਦਘਾਟਨ ਕਰਦਿਆਂ ਮਿਲਕਫ਼ੈੱਡ ’ਚ ਨਵੇਂ ਭਰਤੀ ਕੀਤੇ 36 ਇੰਸਪੈਕਟਰਾਂ ਦੇ ਨਿਯੁਕਤੀ ਪੱਤਰ ਵੀ ਜਾਰੀ ਕੀਤੇ। ਮੁੱਖ ਮੰਤਰੀ ਨੇ ਪੰਜਾਬ ਅੰਦਰ ਪਾਕਿਸਤਾਨ ਦੀ ਸਰਹੱਦ ’ਤੇੇ ਲੱਗੀ ਕੰਡਿਆਲੀ ਤਾਰ ਨੂੰ ਮੌਜੂਦਾ ਥਾਂ ਤੋਂ ਅਗਾਂਹ ਲੈ ਕੇ ਜਾਣ ਦੀ ਇੱਛਾ ਜ਼ਾਹਰ ਕੀਤੀ ਤਾਂ ਜੋ ਤਾਰੋਂ ਪਾਰ ਖੇਤੀ ਵਾਸਤੇ ਜਾਣ ਵਾਲੇ ਕਿਸਾਨਾਂ ਅਤੇ ਬੀਐਸਐਫ਼ ਦੇ ਜਵਾਨਾਂ ਦਾ ਤਲਾਸ਼ੀ ਦੌਰਾਨ ਖਰਚ ਹੋਣ ਵਾਲਾ ਸਮਾਂ ਬਚ ਸਕੇ। ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਪਿਛਲੇ ਦਿਨੀਂ ਵਾਇਰਲ ਹੋਈ ਆਡੀਓ ਬਾਰੇ ਪੁੱਛੇ ਜਾਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਮੰਤਰੀ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਗਿਆ ਹੈ।