ਸਰਬਜੀਤ ਸਿੰਘ ਭੰਗੂ
ਪਟਿਆਲਾ, 2 ਜੁਲਾਈ
ਕਿਸਾਨ ਵਿਰੋਧੀ ਤਿੰਨ ਆਰਡੀਨੈਂਸ ਜਾਰੀ ਕਰਨ, ਬਿਜਲੀ ਬਿੱਲ ਐਕਟ-2020 ਲਿਆਉਣ ਅਤੇ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਸਮੇਤ ਹੋਰ ਲੋਕ ਮਾਰੂ ਫੈਸਲਿਆਂ ਨੂੰ ਲੈ ਕੇ ਪੰਜਾਬ ਦੀਆਂ ਡੇਢ ਦਰਜਨ ਕਿਸਾਨ ਜਥੇਬੰਦੀਆਂ ਕੇਂਦਰ ਖ਼ਿਲਾਫ਼ ਇੱਕਜੁੱਟ ਹੋ ਗਈਆਂ ਹਨ। ਇਨ੍ਹਾਂ ਜਥੇਬੰਦੀਆਂ ਵਲੋਂ 27 ਜੁਲਾਈ ਨੂੰ ਭਾਜਪਾ ਦੇ ਸੰਸਦ ਮੈਂਬਰਾਂ, ਅਹੁਦੇਦਾਰਾਂ ਸਮੇਤ ਮੋਦੀ ਸਰਕਾਰ ’ਚ ਭਾਈਵਾਲ ਅਕਾਲੀ ਦਲ ਦੇ ਲੋਕ ਸਭਾ ਮੈਬਰਾਂ, ਵਿਧਾਇਕਾਂ ਤੇ ਪ੍ਰਮੁੱਖ ਅਹੁਦੇਦਾਰਾਂ ਦੇ ਦਫ਼ਤਰਾਂ ਤੱਕ ਟਰੈਕਟਰ ਮਾਰਚ ਕੀਤਾ ਜਾਵੇਗਾ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ.ਦਰਸ਼ਨਪਾਲ ਨੇ ਦੱਸਿਆ ਕਿ ਇਸ ਸਾਂਝੇ ਸੰਘਰਸ਼ ’ਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਕਿਸਾਨ ਸੰਘਰਸ਼ ਕਮੇਟੀ (ਕੋਟਬੁੱਢਾ), ਕਿਰਤੀ ਕਿਸਾਨੀ ਯੂਨੀਅਨ, ਪੰਜਾਬ ਕਿਸਾਨ ਯੂਨੀਅਨ, ਕਿਸਾਨ ਯੂਨੀਅਨ ਉਗਰਾਹਾਂ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਕਿਸਾਨ ਯੂਨੀਅਨ ਡਕੌਂਦਾ, ਜਮਹੂਰੀ ਕਿਸਾਨ ਸਭਾ, ਕੁੱਲ ਹਿੰਦ ਕਿਸਾਨ ਸਭਾ ਅਤੇ ਕਿਸਾਨ ਯੂਨੀਅਨ ਏਕਤਾ ਆਦਿ ਜਥੇਬੰਦੀਆਂ ਸ਼ਾਮਲ ਹੋਣਗੀਆਂ। ਟਰੈਕਟਰ ਮਾਰਚ ਤੋਂ ਪਹਿਲਾਂ ਹਫਤਾ ਭਰ ਲੋਕਾਂ ਨੂੰ ਸਰਕਾਰ ਦੇ ਮਾਰੂ ਫੈਸਲਿਆਂ ਤੋਂ ਜਾਣੂ ਕਰਵਾਉਣ ਲਈ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ’ਚ ਮੀਟਿੰਗਾਂ ਹੋਣਗੀਆਂ। ਆਗੂਆਂ ਇੰਦਰਜੀਤ ਕੋਟਬੁੱਢਾ, ਡਾ. ਦਰਸ਼ਨਪਾਲ ਆਦਿ ਦਾ ਕਹਿਣਾ ਸੀ ਕਿ ਕੇਂਦਰ ਦੇ ਅਜਿਹੇ ਲੋਕ ਮਾਰੂ ਫੈਸਲਿਆਂ ਨੂੰ ਠੱਲ੍ਹਣ ਲਈ ਸਾਂਝੇ ਸੰਘਰਸ਼ ਜ਼ਰੂਰੀ ਹੋ ਗਏ ਹਨ।