ਬਿਜਲੀ ਬਿੱਲ ਖ਼ਿਲਾਫ਼ ਘੋਲ ਤੇਜ਼ ਕਰਨ ਦਾ ਐਲਾਨ
ਸੰਯੁਕਤ ਕਿਸਾਨ ਮੋਰਚਾ (ਐੱਸ ਕੇ ਐੱਮ) ਪੰਜਾਬ ਨੇ ਕੇਂਦਰ ਵੱਲੋਂ ਲਿਆਂਦੇ ਜਾਣ ਵਾਲੇ ਬਿਜਲੀ ਸੋਧ ਬਿੱਲ-2025 ਅਤੇ ਬੀਜ ਬਿੱਲ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧ ’ਚ ਮੋਰਚੇ ਵੱਲੋਂ ਇੱਥੇ ਕਿਸਾਨ ਭਵਨ ’ਚ ਮੀਟਿੰਗ ਕੀਤੀ ਗਈ। ਇਹ ਮੀਟਿੰਗ ਮੋਰਚੇ ਦੇ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਮੁਕੇਸ਼ ਚੰਦਰ ਸ਼ਰਮਾ ਅਤੇ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਬਿਜਲੀ ਸੋਧ ਬਿੱਲ-2025, ਬੀਜ ਬਿੱਲ 2025, ਚਾਰ ਲੇਬਰ ਕੋਡ ਅਤੇ ਕਰ ਮੁਕਤ ਵਪਾਰ ਸਮਝੌਤਿਆਂ ’ਚੋਂ ਖੇਤੀ ਅਤੇ ਸਹਾਇਕ ਧੰਦਿਆਂ ਨੂੰ ਬਾਹਰ ਰੱਖਣ ਬਾਰੇ ਵਿਚਾਰ-ਚਰਚਾ ਕੀਤੀ ਗਈ। ਕਿਸਾਨ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਮੁਕੇਸ਼ ਚੰਦਰ ਸ਼ਰਮਾ ਅਤੇ ਬਿੰਦਰ ਸਿੰਘ ਗੋਲੇਵਾਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ-2025 ਦੇ ਖਰੜੇ ਨੂੰ ਰੱਦ ਕੀਤਾ ਜਾਵੇ। ਆਗੂਆਂ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਉਸ ਵੱਲੋਂ ਸੰਸਦ ਵਿੱਚ ਬਿਜਲੀ ਸੋਧ ਬਿੱਲ-2025 ਪੇਸ਼ ਕੀਤਾ ਗਿਆ ਤਾਂ ਬਿੱਲ ਪੇਸ਼ ਕਰਨ ਤੋਂ ਅਗਲੇ ਦਿਨ ਨੂੰ ਪੰਜਾਬ ਵਿੱਚ ‘ਕਾਲਾ ਦਿਨ’ ਵਜੋਂ ਮਨਾਇਆ ਜਾਵੇਗਾ। ਇਸ ਦੌਰਾਨ ਪੰਜਾਬ ਭਰ ਵਿੱਚ ਮੁਜ਼ਾਹਰੇ ਕੀਤੇ ਜਾਣਗੇ ਅਤੇ ਉਸੇ ਦਿਨ ਤੋਂ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਆਗੂਆਂ ਨੇ ਸੰਘਰਸ਼ ਤੇਜ਼ ਕਰਨ ਲਈ ਸਮੂਹ ਪੇਂਡੂ ਤੇ ਖੇਤ ਮਜ਼ਦੂਰ, ਟਰੇਡ ਯੂਨੀਅਨਾਂ, ਮੁਲਾਜ਼ਮ ਤੇ ਵਿਦਿਆਰਥੀ ਜਥੇਬੰਦੀਆਂ ਦੀ ਮੀਟਿੰਗ 13 ਦਸੰਬਰ ਨੂੰ ਚੰਡੀਗੜ੍ਹ ਵਿੱਚ ਸੱਦੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਫ਼ੈਸਲੇ ਲਏ ਜਾ ਰਹੇ ਹਨ। ਮੀਟਿੰਗ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜ ਗਿੱਲ, ਅੰਗਰੇਜ਼ ਸਿੰਘ ਭਦੌੜ, ਜੰਗਵੀਰ ਸਿੰਘ ਚੌਹਾਨ, ਡਾ. ਦਰਸ਼ਨ ਪਾਲ, ਪਰਮਿੰਦਰ ਸਿੰਘ ਪਾਲ ਮਾਜਰਾ, ਗੁਰਜੰਟ ਸਿੰਘ ਮਾਨਸਾ, ਰਘਵੀਰ ਸਿੰਘ , ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਬੂਟਾ ਸਿੰਘ ਸ਼ਾਦੀਪੁਰ, ਗੁਰਵਿੰਦਰ ਸਿੰਘ ਢਿੱਲੋਂ ਤੇ ਹਰਬੰਸ ਸਿੰਘ ਸੰਘਾ ਹਾਜ਼ਰ ਸਨ।
