ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਜੂਨ
ਦਿੱਲੀ ਮੋਰਚੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 13 ਜੂਨ ਨੂੰ ਲੋਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਅਤੇ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਦੇ ਨਾਲ ਹੀ ਜਮਹੂਰੀ ਹੱਕਾਂ ਦਾ ਦਮਨ ਕਰਨ ਵਾਲੇ ਯੂਏਪੀਏ, ਐੱਨਐੱਸਏ ਤੇ ਦੇਸ਼ ਧਰੋਹ ਵਰਗੇ ਕਾਨੂੰਨਾਂ ਖ਼ਿਲਾਫ਼ ਵੀ ਆਵਾਜ਼ ਉਠਾਈ ਜਾਵੇਗੀ।
ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ 13 ਜੂਨ ਨੂੰ ਹੋਣ ਵਾਲੀ ਇਸ ਇਕੱਤਰਤਾ ਵਿੱਚ ਪੰਜਾਬ ਤੋਂ ਜਮਹੂਰੀ ਹੱਕਾਂ ਦੇ ਕਾਰਕੁਨ ਤੇ ਲੋਕ ਪੱਖੀ ਸਾਹਿਤਕਾਰ ਕਲਾਕਾਰ ਵੀ ਸ਼ਾਮਲ ਹੋਣਗੇ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਜਨਰਲ ਸਕੱਤਰ ਤੇ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋ. ਜਗਮੋਹਨ ਸਿੰਘ, ਪ੍ਰਗਤੀਸ਼ੀਲ ਲੇਖਕ ਸੰਘ ਵੱਲੋਂ ਸੁਖਦੇਵ ਸਿੰਘ ਸਿਰਸਾ, ਡਾ ਨਵਸ਼ਰਨ, ਨਾਟਕਕਾਰ ਡਾ. ਸਾਹਿਬ ਸਿੰਘ, ਉੱਘੇ ਕਵੀ ਸੁਰਜੀਤ ਜੱਜ, ਕਹਾਣੀਕਾਰ ਜਸਪਾਲ ਮਾਨਖੇੜਾ, ਐਡਵੋਕੇਟ ਐੱਨ ਕੇ ਜੀਤ ਤੇ ਰੰਗਕਰਮੀ ਕਮਲ ਬਰਨਾਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ।
ਹਫ਼ਤਾਵਰੀ ਪ੍ਰੋਗਰਾਮਾਂ ਸਬੰਧੀ ਭੋਤਨਾ ਵਿੱਚ ਸੂਬਾਈ ਮੀਟਿੰਗ
ਟੱਲੇਵਾਲ (ਲਖਵੀਰ ਸਿੰਘ ਚੀਮਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਿੰਡ ਭੋਤਨਾ ਦੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਵਿਚਾਰ ਚਰਚਾ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਭਾਜਪਾ ਮੋਦੀ ਹਕੂਮਤ ਵੱਲੋਂ ਝੂਠੇ ਮਨਘੜਤ ਕੇਸਾਂ ਵਿੱਚ ਸਾਲਾਂ-ਬੱਧੀ ਜੇਲ੍ਹਾਂ ਵਿੱਚ ਬੰਦ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਦੀ ਬਿਨਾਂ ਸ਼ਰਤ ਰਿਹਾਈ ਲਈ 14 ਤੋਂ 19 ਜੂਨ ਤੱਕ ਜ਼ਿਲ੍ਹਾ ਪੱਧਰੀ ਰੈਲੀਆਂ ਮੁਜ਼ਾਹਰੇ ਕੀਤੇ ਜਾਣਗੇ।