ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਨਵੰਬਰ
ਪੇਂਡੂ ਅਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ 23 ਨਵੰਬਰ ਨੂੰ ਮੀਟਿੰਗ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਜ਼ੋਰਾ ਸਿੰਘ ਨਸਰਾਲੀ ਦੀ ਅਗਵਾਈ ਹੇਠ ਲੁਧਿਆਣਾ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਦੇਵੀ ਕੁਮਾਰੀ, ਤਰਸੇਮ ਪੀਟਰ, ਭਗਵੰਤ ਸਿੰਘ ਸਮਾਓਂ, ਪ੍ਰਗਟ ਸਿੰਘ ਕਾਲਾਝਾੜ, ਦਰਸ਼ਨ ਨਾਹਰ, ਸੰਜੀਵ ਮਿੰਟੂ, ਲਛਮਣ ਸਿੰਘ ਸੇਵੇਵਾਲਾ, ਬਲਦੇਵ ਸਿੰਘ ਨੂਰਪੁਰੀ ਅਤੇ ਕਸ਼ਮੀਰ ਸਿੰਘ ਘੁੱਗਸੋਰ ਸ਼ਾਮਲ ਹੋਏ।
ਆਗੂਆਂ ਨੇ ਦੱਸਿਆ ਕਿ 23 ਨਵੰਬਰ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦੌਰਾਨ ਵੱਖ-ਵੱਖ ਮੁੱਦੇ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਬੇਘਰਿਆਂ ਨੂੰ ਪਲਾਟ ਦੇਣ, ਬਿਜਲੀ ਦੇ ਪੁੱਟੇ ਮੀਟਰ ਬਿਨਾਂ ਸ਼ਰਤ ਜੋੜਨ, ਨਰਮਾ ਖਰਾਬੇ ਦਾ ਮਜ਼ਦੂਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ, ਕਰਜ਼ਾ ਮੁਆਫ਼ੀ, ਰੁਜ਼ਗਾਰ ਗਾਰੰਟੀ, ਪੰਚਾਇਤੀ ਜ਼ਮੀਨਾਂ ’ਚ ਤੀਜਾ ਹਿੱਸਾ ਸਮੇਤ ਹੋਰਨਾਂ ਮੰਗਾਂ ਦਾ ਨਬਿੇੜਾ ਨਾ ਕੀਤਾ ਤਾਂ 13 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ਜਾਮ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ 7 ਤੋਂ 9 ਦਸੰਬਰ ਤੱਕ ਪਿੰਡ-ਪਿੰਡ ਚੰਨੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਮਜ਼ਦੂਰਾਂ ਦੀਆਂ ਭਖ਼ਦੀਆਂ ਮੰਗਾਂ ’ਤੇ ਬਿਆਨਬਾਜ਼ੀ ਕਰਨ ਤੋਂ ਬਿਨਾਂ ਕੋਈ ਕਦਮ ਨਹੀਂ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਜ਼ਦੂਰਾਂ ਦੀਆਂ ਕਈ ਮੰਗਾਂ ਪਹਿਲਾਂ ਮੰਨ ਲਈਆਂ ਸਨ, ਜਿਸ ਦੀ ਪੂਰਤੀ ਹਾਲੇ ਤੱਕ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੂਬਾ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ।