ਪੱਤਰ ਪ੍ਰੇਰਕ
ਭਵਾਨੀਗੜ੍ਹ, 22 ਅਗਸਤ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਪਿੰਡ ਮਾਝੀ ਦੇ ਗੁਰਦੁਆਰਾ ਸਾਹਿਬ ਵਿੱਚ ਬਲਾਕ ਪੱਧਰਾ ਚੋਣ ਅਜਲਾਸ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ ਦੀ ਨਿਗਰਾਨੀ ਹੇਠ ਕੀਤਾ ਗਿਆ। ਇਹ ਅਜਲਾਸ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਨੂੰ ਸਮਰਪਿਤ ਕੀਤਾ ਗਿਆ। ਅਜਲਾਸ ਵਿੱਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਬਿੱਲ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਪਟਿਆਲਾ, ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਤੇ ਸੁਨਾਮ ਬਲਾਕ ਦੇ ਪ੍ਰਧਾਨ ਸੰਤ ਰਾਮ ਛਾਜਲੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਤੇ ਸਮੁੱਚੀ ਆਰਥਿਕਤਾ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਕਰੋਨਾਵਾਇਰਸ ਦੀ ਆੜ ਹੇਠ ਕਰਫਿਊ ਤੇ ਦਫਾ 144 ਲਗਾ ਕੇ ਕਿਸਾਨਾਂ, ਮਜਦੂਰਾਂ ਅਤੇ ਹੋਰ ਹੱਕ ਮੰਗਦੇ ਵਰਗਾਂ ਨੂੰ ਦਬਾਉਣ ਦੀਆਂ ਸਾਜਿਸ਼ਾਂ ਕਰ ਰਹੀਆਂ ਹਨ।