ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਮੰਦਰ ਸਾਹਿਬ ’ਚ ਬੰਬ ਦੀ ਮੁੜ ਧਮਕੀ

ਜਗਤਾਰ ਸਿੰਘ ਲਾਂਬਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਇੱਕ ਹੋਰ ਈਮੇਲ ਰਾਹੀਂ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਮਿਲੀ ਹੈ। ਹੁਣ ਤੱਕ ਅਜਿਹੀਆਂ ਪੰਜ ਈਮੇਲਜ਼ ਆ ਚੁੱਕੀਆਂ...
Advertisement

ਜਗਤਾਰ ਸਿੰਘ ਲਾਂਬਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖੁਲਾਸਾ ਕੀਤਾ ਹੈ ਕਿ ਅੱਜ ਇੱਕ ਹੋਰ ਈਮੇਲ ਰਾਹੀਂ ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਮਿਲੀ ਹੈ। ਹੁਣ ਤੱਕ ਅਜਿਹੀਆਂ ਪੰਜ ਈਮੇਲਜ਼ ਆ ਚੁੱਕੀਆਂ ਹਨ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਪਤਾ ਲਾਇਆ ਜਾਵੇ ਕਿ ਇਹ ਸਾਜ਼ਿਸ਼ ਕੌਣ ਰਚ ਰਿਹਾ ਹੈ। ਇੱਕ ਪੱਤਰਕਾਰ ਸੰਮੇਲਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁਣ ਤੱਕ ਇਸ ਮਾਮਲੇ ਵਿੱਚ ਡੂੰਘਾਈ ਨਾਲ ਜਾਂਚ ਨਹੀਂ ਕੀਤੀ ਗਈ ਅਤੇ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਹੁਣ ਆਈਆਂ ਈਮੇਲ ਪੰਜਾਬ ਦੇ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਭੇਜੀਆਂ ਗਈਆਂ ਹਨ, ਪਰ ਇਸ ਦੇ ਬਾਵਜੂਦ ਸਰਕਾਰ ਚੁੱਪ ਬੈਠੀ ਹੋਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਵੀ ਇਨ੍ਹਾਂ ਈਮੇਲਜ਼ ਦਾ ਸਰੋਤ ਪਤਾ ਕਰਨ ਲਈ ਯਤਨ ਕੀਤੇ ਗਏ ਹਨ ਤੇ ਇਹ ਵੱਖ ਵੱਖ ਜਾਅਲੀ ਆਈਪੀ ਐਡਰੈੱਸ ਤੋਂ ਭੇਜੀਆਂ ਜਾ ਰਹੀਆਂ ਹਨ। ਇੱਕ ਈਮੇਲ ਕੇਰਲਾ ਦੇ ਸੀਐੱਮ ਅਤੇ ਭਾਰਤ ਦੇ ਸਾਬਕਾ ਚੀਫ ਜਸਟਿਸ ਦੇ ਆਈਪੀ ਐਡਰੈੱਸ ਤੋਂ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਸੁਰੱਖਿਆ ਦੇ ਮੱਦੇਨਜ਼ਰ ਲੋੜੀਦੇ ਪ੍ਰਬੰਧ ਕੀਤੇ ਗਏ ਹਨ ਅਤੇ ਚੌਕਸੀ ਵੀ ਵਰਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸਾਮਾਨ ਦੀ ਜਾਂਚ ਕਰਨ ਵਾਲੇ ਸਕੈਨਰ ਮੁੜ ਸਥਾਪਤ ਕਰਨ ਦੀ ਯੋਜਨਾ ਬਣਾਈ ਜਾ ਰਹੀ।

Advertisement

 

ਅਮਰੀਕੀ ਕੰਪਨੀ ਦੇ ਮੰਚ ਰਾਹੀਂ ਭੇਜੇ ਈਮੇਲ: ਪੁਲੀਸ ਕਮਿਸ਼ਨਰ

ਅੰਮ੍ਰਿਤਸਰ(ਟਨਸ): ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਧਮਕੀ ਭਰੀ ਈਮੇਲ ਮਾਮਲੇ ਵਿੱਚ ਉਨ੍ਹਾਂ ਈਮੇਲ ਦਾ ਸਰੋਤ ਪਤਾ ਕਰਨ ਲਈ ਅਮਰੀਕਾ ਆਧਾਰਿਤ ਕੰਪਨੀ ਨਾਲ ਵੀ ਸੰਪਰਕ ਕੀਤਾ ਹੈ ਅਤੇ ਕੰਪਨੀ ਵੱਲੋਂ ਇਸ ਮਾਮਲੇ ਵਿੱਚ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਈਮੇਲ ਭੇਜਣ ਵਾਲੇ ਵੱਲੋਂ ਅਮਰੀਕਾ ਆਧਾਰਿਤ ਕੰਪਨੀ ਦੇ ਮੰਚ ਨੂੰ ਵਰਤਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਤਕਨੀਕੀ ਪੱਧਰ ’ਤੇ ਹਰ ਸੰਭਵ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਤਾਮਿਲਨਾਡੂ ਸਰਕਾਰ ਅਤੇ ਪੁਲੀਸ ਨਾਲ ਵੀ ਸੰਪਰਕ ਕੀਤਾ ਗਿਆ ਹੈ। ਪੁਲੀਸ ਵੱਲੋਂ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਸੁਰੱਖਿਆ ਕਰਮੀ ਤਾਇਨਾਤ ਕੀਤੇ ਗਏ ਹਨ। ਪ੍ਰਸ਼ਾਸਨ ਦੀ ਸਲਾਹ ’ਤੇ ਬੀਐੱਸਐੱਫ ਵੀ ਸੁਰੱਖਿਆ ਪ੍ਰਬੰਧਾਂ ਲਈ ਆ ਚੁੱਕੀ ਹੈ। ਇਸੇ ਦੌਰਾਨ ਅੱਜ ਹਰਿਮੰਦਰ ਸਾਹਿਬ ਨੇੜੇ ਇੱਕ ਬਿਨਾਂ ਨੰਬਰ ਵਾਲੀ ਕਾਰ ਦਿਖਾਈ ਦਿੱਤੀ। ਜਾਂਚ ਕਰਨ ’ਤੇ ਪਤਾ ਲੱਗਾ ਕਿ ਇਹ ਕਾਰ ਰਾਜਸਥਾਨ ਪੁਲੀਸ ਦੀ ਹੈ, ਜੋ ਇੱਥੇ ਕਿਸੇ ਭਗੌੜੇ ਵਿਅਕਤੀ ਦੀ ਜਾਂਚ ਵਾਸਤੇ ਆਈ ਸੀ। ਪੰਜਾਬ ਪੁਲੀਸ ਵੱਲੋਂ ਰਾਜਸਥਾਨ ਪੁਲੀਸ ਨੂੰ ਬਿਨਾਂ ਨੰਬਰ ਵਾਲੀ ਕਾਰ ਬਾਰੇ ਸਪੱਸ਼ਟੀਕਰਨ ਦੇਣ ਬਾਰੇ ਆਖਿਆ ਗਿਆ ਹੈ।

ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੇ ਚਿੰਤਾ ਪ੍ਰਗਟਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਮੰਦਰ ਸਾਹਿਬ ਵਿੱਚ ਧਮਕੀ ਭਰੇ ਪੱਤਰ ਭੇਜੇ ਜਾਣ ਦੇ ਮਾਮਲੇ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਇਹ ਖੁਲਾਸਾ ਸਾਬਕਾ ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਕੀਤਾ। ਉਹ ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫਤਰ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਵਾਸਤੇ ਆਏ ਸਨ। ਭਾਜਪਾ ਆਗੂ ਨੇ ਇਸ ਮਾਮਲੇ ਵਿੱਚ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦਾ ਵੀ ਭਰੋਸਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਇਹ ਸਾਜ਼ਿਸ਼ ਦੇ ਸਰੋਤ ਦਾ ਪਤਾ ਲਾਇਆ ਜਾਵੇ।

ਔਜਲਾ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖਿਆ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀ ਧਮਕੀ ਦੇ ਮਾਮਲੇ ਵਿੱਚ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਕੇਂਦਰੀ ਸੁਰੱਖਿਆ ਬਲ ਇੱਥੇ ਤਾਇਨਾਤ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਈ ਈਮੇਲ ਤੋਂ ਬਾਅਦ ਇਸ ਸਬੰਧ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਨਾਲ ਵੀ ਸੰਪਰਕ ਕੀਤਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਇਹ ਇੱਕ ਗੰਭੀਰ ਮਾਮਲਾ ਹੈ ਅਤੇ ਉਹ ਇਸ ਮਾਮਲੇ ਦਾ ਸਥਾਈ ਹੱਲ ਚਾਹੁੰਦੇ ਹਨ। ਇਸ ਮਾਮਲੇ ਵਿੱਚ ਉਹ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਗੇ।

ਪੰਜਾਬ ਵਿਧਾਨ ਸਭਾ ਸਪੀਕਰ ਨੇ ਕੀਤੀ ਧਮਕੀ ਦੀ ਆਲੋਚਨਾ

ਚੰਡੀਗੜ੍ਹ (ਟਨਸ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਮੰਦਰ ਸਾਹਿਬ ਵਿਖੇ ਬੰਬ ਦੀ ਧਮਕੀ ਮਿਲਣ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਕਦੀ ਵੀ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੇ ਹਨ ਅਤੇ ਲੋਕਾਂ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ। ਸ੍ਰੀ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਿਸੇ ਤੋਂ ਵੀ ਡਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਨੇ ਸ਼ਰਾਰਤੀ ਅਨਸਰਾਂ ਪ੍ਰਤੀ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਹੋਈ ਹੈ ਅਤੇ ਅਜਿਹੇ ਅਨਸਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement
Show comments