ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਹਾਈ ਕੋਰਟ ’ਚ ਇੱਕ ਹੋਰ ਪਟੀਸ਼ਨ
ਪੰਜਾਬ ਸਰਕਾਰ ਵੱਲੋਂ ਤਿਆਰ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਅਦਾਲਤ ਨੇ ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜੁਆਬ ਮੰਗਿਆ ਹੈ। ਇਸ ਦੇ ਨਾਲ ਹੀ ਮਾਮਲੇ ਦੀ ਅਗਲੀ ਸੁਣਵਾਈ 6 ਅਗਸਤ ਮੁਕੱਰਰ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਹ ਪਟੀਸ਼ਨ ਲੁਧਿਆਣਾ ਵਾਸੀ ਗੁਰਦੀਪ ਸਿੰਘ ਗਿੱਲ ਵੱਲੋਂ ਦਾਇਰ ਕੀਤੀ ਗਈ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬੀਤੀ 4 ਜੁਲਾਈ ਨੂੰ ਲੈਂਡ ਪੂਲਿੰਗ ਨੀਤੀ ਬਾਰੇ ਜਾਰੀ ਨੋਟੀਫਿਕੇਸ਼ਨ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਇਹ ਨੀਤੀ ਸਾਰੇ ਨਿਯਮਾਂ ਦੀ ਉਲੰਘਣਾ ਕਰ ਕੇ ਜਾਰੀ ਕੀਤੀ ਹੈ, ਜਿਸ ਵਿੱਚ ਪੁਨਰਵਾਸ ਜਾਂ ਢੁੱਕਵੇਂ ਮੁਆਵਜ਼ੇ ਦਾ ਕੋਈ ਪ੍ਰਬੰਧ ਨਹੀਂ ਹੈ। ਇਸ ਨੀਤੀ ਤੋਂ ਪਹਿਲਾਂ ਨਾ ਤਾਂ ਸਮਾਜਿਕ ਪ੍ਰਭਾਵ ਮੁਲਾਂਕਣ ਕੀਤਾ ਗਿਆ ਹੈ ਅਤੇ ਨਾ ਹੀ ਉਨ੍ਹਾਂ ਗ੍ਰਾਮ ਪੰਚਾਇਤਾਂ ਦੀ ਸਹਿਮਤੀ ਲਈ ਗਈ ਹੈ, ਜਿਨ੍ਹਾਂ ਦੀ ਹਜ਼ਾਰਾਂ ਏਕੜ ਜ਼ਮੀਨ ਸਰਕਾਰ ਇਸ ਲੈਂਡ ਪੂਲਿੰਗ ਨੀਤੀ ਤਹਿਤ ਲੈਣ ਦੀ ਤਿਆਰੀ ’ਚ ਹੈ।
ਇਸ ਤੋਂ ਇਲਾਵਾ ਨੀਤੀ ਵਿੱਚ ਕੋਈ ਪਾਰਦਰਸ਼ਤਾ ਨਹੀਂ ਹੈ ਅਤੇ ਸਰਕਾਰ ਨੇ ਇਸ ਨੂੰ ਨਿਯਮਾਂ ਦੀ ਉਲੰਘਣਾ ਕਰ ਕੇ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਮਾਜਿਕ ਕਾਰਕੁੰਨ ਨਵਿੰਦਰ ਪੀਕੇ ਸਿੰਘ ਅਤੇ ਸਮਿਤਾ ਕੌਰ ਨੇ ਜਨਹਿੱਤ ਪਟੀਸ਼ਨ ਦਾਇਰ ਕਰ ਕੇ ਲੈਂਡ ਪੂਲਿੰਗ ਨੀਤੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਅਦਾਲਤ ਵੱਲੋਂ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਲਈ 19 ਅਗਸਤ ਨੂੰ ਕੀਤੀ ਜਾਣੀ ਹੈ।