ਨਸ਼ਿਆਂ ਵਿਰੁੱਧ ਮੁਹਿੰਮ: 2.8 ਕਿਲੋ ਹੈਰੋਇਨ ਤੇ 2.9 ਕਿਲੋ ਆਈਸ ਬਰਾਮਦ
ਪੰਜਾਬ ਨੂੰ ਨਸ਼ਾ ਮੁਕਤ ਬਣਾ ਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲੀਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਪੰਜਾਬ ਪੁਲੀਸ ਨੇ 224ਵੇਂ ਦਿਨ ਸੂਬੇ ਵਿੱਚ 325 ਥਾਵਾਂ ’ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਪੁਲੀਸ ਨੇ ਸੂਬੇ ਭਰ ਵਿੱਚ 65 ਕੇਸ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਸ਼ਾ ਤਸਕਰਾਂ ਕੋਲੋਂ ਪੁਲੀਸ ਨੇ 2.8 ਕਿਲੋਗ੍ਰਾਮ ਹੈਰੋਇਨ, 2.9 ਕਿਲੋਗ੍ਰਾਮ ਆਈਸ, 24.2 ਕਿਲੋਗ੍ਰਾਮ ਅਫੀਮ, 293 ਨਸ਼ੀਲੀਆਂ ਗੋਲੀਆਂ, ਕੈਪਸੂਲ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ ਪੁਲੀਸ ਨੇ 224 ਦਿਨਾਂ ਵਿੱਚ ਕੁੱਲ 32683 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਪੰਜਾਬ ਪੁਲੀਸ ਦੇ ਇਕ ਹਜ਼ਾਰ ਤੋਂ ਵੱਧ ਮੁਲਾਜ਼ਮਾਂ ਦੀਆਂ 120 ਟੀਮਾਂ ਨੇ 71 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੂਬੇ ਭਰ ਵਿੱਚ 325 ਛਾਪੇ ਮਾਰੇ ਹਨ। ਇਸ ਦੌਰਾਨ ਪੁਲੀਸ ਨੇ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ 336 ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਹੈ ਜਿਨ੍ਹਾਂ ਤੋਂ ਪੁਲੀਸ ਨੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲੀਸ ਨੇ ਉਕਤ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲੀਸ ਨੇ ਅੱਜ ਸੂਬੇ ਭਰ ਵਿੱਚ 37 ਜਣਿਆਂ ਨੂੰ ਨਸ਼ਾ ਛੱਡਣ ਲਈ ਰਾਜ਼ੀ ਕੀਤਾ ਹੈ।
ਪੰਜਾਬ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਵਿਭਾਗ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਨਹੀਂ ਹੁੰਦਾ, ਉੱਦੋਂ ਤੱਕ ਪੰਜਾਬ ਪੁਲੀਸ ਵੱਲੋਂ ਇਹ ਮੁਹਿੰਮ ਜਾਰੀ ਰੱਖੀ ਜਾਵੇਗੀ।
ਪੁਲੀਸ ਨੇ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵਿਅਕਤੀਆਂ ਦੀ ਸੂਚਨਾ ਪੁਲੀਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਵੀ ਸਖ਼ਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਪੁਲੀਸ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਪੁਲੀਸ ਨੇ ਸਰਹੱਦ ਪਾਰ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਰੋਕਣ ਲਈ ਸਰਹੱਦੀ ਖੇਤਰ ਵਿੱਚ ਵੀ ਚੌਕਸੀ ਵਧਾ ਦਿੱਤੀ ਹੈ।
ਨਸ਼ਾ ਤਸਕਰਾਂ ਦੇ ਘਰ ਵੀ ਢਾਹ ਰਹੀ ਹੈ ਪੁਲੀਸ
ਪੰਜਾਬ ਪੁਲੀਸ ਵੱਲੋਂ ਨਸ਼ਾ ਤਸਕਰੀ ਦੇ ਪੈਸਿਆਂ ਨਾਲ ਘਰ ਬਣਾਉਣ ਵਾਲੇ ਵਿਅਕਤੀਆਂ ਵਿਰੁੱਧ ਵੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲੀਸ ਵੱਲੋਂ ਸੈਂਕੜੇ ਵਿਅਕਤੀਆਂ ਦੇ ਘਰ ਢਾਹ ਦਿੱਤੇ ਗਏ ਹਨ। ਪੁਲੀਸ ਦਾ ਕਹਿਣਾ ਹੈ ਕਿ ਨਸ਼ਿਆਂ ਦੇ ਪੈਸਿਆਂ ਦੇ ਨਾਲ ਆਪਣੀਆਂ ਇਮਾਰਤਾਂ ਖੜ੍ਹੀਆਂ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਪੁਲੀਸ ਵੱਲੋਂ ਭਵਿੱਖ ਵਿੱਚ ਵੀ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੀ ਮੁਹਿੰਮ ਜਾਰੀ ਰੱਖੀ ਜਾਵੇਗੀ।