ਬਲਵਿੰਦਰ ਰੈਤ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ ਐਮੀਨੈਂਸ ਨੰਗਲ ਵਿੱਚ ‘ਯੁੱਧ ਨਸ਼ਿਆਂ ਵਿਰੁੱਧ ਸੈਮੀਨਾਰ’ ਮੌਕੇ ਕਰਵਾਏ ਸਮਾਗਮ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਸਰਕਾਰ ਦਾ ਇੱਕ ਅਜਿਹਾ ਸ਼ਾਨਦਾਰ ਉਪਰਾਲਾ ਹੈ, ਜਿਸ ਵਿੱਚ ਸਾਰੇ ਵਰਗਾਂ ਦੇ ਲੋਕਾਂ ਨੇ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਬੈਂਸ ਨੇ ਨੰਗਲ ਵਿੱਚ 500 ਸੀਟਾਂ ਵਾਲਾ ਆਡੀਟੋਰੀਅਮ ਬਣਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਨੰਗਲ ਦੇ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਹੀ ਹਰ ਮੌਸਮ ਅਨੁਕੂਲ ਸਵੀਮਿੰਗ ਪੂਲ ਬਣਾਇਆ ਜਾ ਰਿਹਾ ਹੈ, ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ੇ ਵਿਰੁੱਧ ਵਿਸ਼ੇ ਦੀ ਪੜ੍ਹਾਈ ਕਰਵਾਈ ਜਾਵੇਗੀ, ਜਿਸ ਨਾਲ ਨਸ਼ਾ ਖ਼ਤਮ ਕਰਨ ਦੀ ਆਵਾਜ਼ ਹਰ ਘਰ ਤੱਕ ਪੰਹੁਚੇਗੀ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸਮਾਗਮ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਰੂਪਨਗਰ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਐੱਸਐੱਸਪੀ ਗੁਲਨੀਤ ਖੁਰਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਨਸ਼ਾ ਤਸਕਰ ਜੇਲ੍ਹਾਂ ਵਿੱਚ ਡੱਕੇ ਜਾ ਰਹੇ ਹਨ, ਨਸ਼ੇ ਦੀ ਸਪਲਾਈ ਲਾਈਨ ਤੋੜੀ ਜਾ ਰਹੀ ਹੈ। ਇਸ ਮੌਕੇ ਐੱਸਪੀ ਅਰਵਿੰਦ ਮੀਨਾ, ਡੀਐੱਸਪੀ ਕੁਲਬੀਰ ਸਿੰਘ, ਬੀਬੀਐੱਮਬੀ ਦੇ ਚੇਅਰਮੈਨ ਸੀਪੀ ਸਿੰਘ, ਸੰਜੀਵ ਗੌਤਮ, ਰਾਮ ਕੁਮਾਰ ਮੁਕਾਰੀ ਜ਼ਿਲ੍ਹਾ ਸਕੱਤਰ, ਦੀਪਕ ਸੋਨੀ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਸੋਹਣ ਸਿੰਘ ਬੈਂਸ, ਦਲਜੀਤ ਸਿੰਘ ਕਾਕਾ ਨਾਨਗਰਾਂ, ਪ੍ਰਿੰਸੀਪਲ ਕਿਰਨ ਸ਼ਰਮਾ ਹਾਜ਼ਰ ਸਨ।