ਪਾਲ ਸਿੰਘ ਨੌਲੀ
ਜਲੰਧਰ, 21 ਮਈ
‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵਿੱਚ ਸ਼ਾਮਲ ਸਿਆਸੀ ਪਾਰਟੀਆਂ ਅਤੇ ਜਥੇਬੰਦੀਆਂ ਸੀਪੀਆਈ, ਆਰਐੱਮਪੀਆਈ, ਸੀਪੀਆਈ (ਐੱਮ-ਐੱਲ) ਨਿਊ ਡੈਮੋਕਰੇਸੀ, ਸੀਪੀਆਈ (ਐੱਮ-ਐੱਲ) ਲਬਿਰੇਸ਼ਨ, ਇਨਕਲਾਬੀ ਕੇਂਦਰ ਪੰਜਾਬ ਅਤੇ ਐੱਮਸੀਪੀਆਈ (ਯੂ) ਵੱਲੋਂ ਅੱਜ ਸਥਾਨਕ ਦੇਸ਼ ਭਗਤ ਯਾਦਗਰ ਹਾਲ ਵਿਚ ਸੂਬਾਈ ਕਨਵੈਨਸ਼ਨ ਸੱਦੀ ਗਈ। ਸਮਾਪਤੀ ’ਤੇ ਬੀਐੱਮਸੀ ਚੌਕ ਤੱਕ ਮੁਜ਼ਾਹਰਾ ਕੀਤਾ ਗਿਆ। ਕਨਵੈਨਸ਼ਨ ਦੀ ਪ੍ਰਧਾਨਗੀ ਸੀਪੀਆਈ ਦੇ ਆਗੂ ਪ੍ਰਿਥੀਪਾਲ ਸਿੰਘ ਮਾੜੀਮੇਘਾ, ਆਰਐੱਮਪੀਆਈ ਦੇ ਰਤਨ ਸਿੰਘ ਰੰਧਾਵਾ, ਸੀਪੀਆਈ (ਐੱਮ-ਐੱਲ) ਨਿਊ ਡੈਮੋਕਰੇਸੀ ਦੇ ਅਜਮੇਰ ਸਿੰਘ ਸਮਰਾ, ਸੀਪੀਆਈ (ਐੱਮ ਐੱਲ) ਲਬਿਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ, ਇਨਕਲਾਬੀ ਕੇਂਦਰ ਪੰਜਾਬ ਦੇ ਨਰਾਇਣ ਦੱਤ ਅਤੇ ਐੱਮਸੀਪੀਆਈ (ਯੂ) ਦੇ ਨਰੰਜਣ ਸਿੰਘ ਸਫੀਪੁਰ ਨੇ ਕੀਤੀ।
ਇਸ ਮੌਕੇ ਹਾਜ਼ਰ ਪ੍ਰਤੀਨਿਧਾਂ ਨੇ ਦਿੱਲੀ ਦੀਆਂ ਬਰੂਹਾਂ ’ਤੇ ਜਾਰੀ ਕਿਸਾਨ ਅੰਦੋਲਨ ਦੀ ਕਾਮਯਾਬੀ ਲਈ ਲਾਮਬੰਦੀ ਤੇਜ਼ ਕਰਨ ਦਾ ਫੈਸਲਾ ਕੀਤਾ ਅਤੇ ਖੇਤੀ ਕਾਨੂੰਨ, ਕਿਰਤ ਕਨੂੰਨਾਂ ਦਾ ਖ਼ਾਤਮਾ ਕਰਦੇ ਕਿਰਤ ਕੋਡ ਤੇ ਬਿਜਲੀ ਸੋਧ ਬਿੱਲ-2020 ਰੱਦ ਕਰਨ ਦੀ ਮੰਗ ਕੀਤੀ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਮਦਦ ਕਰਨ ਦੀ ਜਗ੍ਹਾ ਲੋਕਾਂ ਦੀ ਖੱਜਲ ਖੁਆਰੀ ਵਧਾ ਦਿੱਤੀ ਹੈ। ਲੋਕ ਦਵਾਈਆਂ, ਆਕਸੀਜਨ, ਵੈਂਟੀਲੇਟਰ ਆਦਿ ਦੀ ਅਣਹੋਂਦ ਕਾਰਨ ਮੌਤ ਦੇ ਮੂੰਹ ਜਾ ਰਹੇ ਹਨ। ਇਕ ਵੱਖਰੇ ਮਤੇ ਰਾਹੀ ਉਨ੍ਹਾਂ ਇਜ਼ਰਾਇਲੀ ਫੌਜਾਂ ਵੱਲੋਂ ਸਾਮਰਾਜੀ ਦੇਸ਼ਾਂ ਦੀ ਹਮਾਇਤ ਨਾਲ ਕੀਤੇ ਜਾ ਰਹੇ ਫਲਸਤੀਨੀ ਨਾਗਰਿਕਾਂ ਦੇ ਕਤਲੇਆਮ ਖ਼ਿਲਾਫ਼ ਰੋਹਿਲੀ ਆਵਾਜ਼ ਬੁਲੰਦ ਕਰਨ ਦਾ ਵੀ ਸੱਦਾ ਦਿੱਤਾ। ਇਸ ਮੌਕੇ ਬੰਤ ਬਰਾੜ, ਮੰਗਤ ਰਾਮ ਪਾਸਲਾ, ਪਰਗਟ ਸਿੰਘ ਜਾਮਾਰਾਏ, ਦਰਸ਼ਨ ਖਟਕੜ, ਗੁਰਮੀਤ ਸਿੰਘ ਬਖਤਪੁਰ, ਕੰਵਲਜੀਤ ਖੰਨਾ ਅਤੇ ਕਿਰਨਜੀਤ ਸਿੰਘ ਸੇਖੋਂ ਨੇ ਸੰਬੋਧਨ ਕੀਤਾ।