ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਪਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾਉਣ ਦੇ ਫ਼ੈਸਲੇ ਦਾ ‘ਆਪ’ ਪੰਜਾਬ ਨੇ ਸਵਾਗਤ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਮਾਲਵਿੰਦਰ ਸਿੰਘ ਕੰਗ ਅਤੇ ਸੂਬਾ ਸੰਯੁਕਤ ਸਕੱਤਰ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ ਦੀਆਂ ਵਾਰਦਾਤਾਂ ਨੂੰ ਨੱਥ ਪਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਐਂਟੀ ਗੈਂਗਸਟਰ ਟਾਸਕ ਫੋਰਸ’ ਕਾਇਮ ਕਰਨ ਦਾ ਫ਼ੈਸਲਾ ਮਹੱਤਵਪੂਰਨ ਹੈ। ਇਸ ਟਾਸਕ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਅਤੇ ਵਿਸ਼ੇਸ਼ ਪੁਲੀਸ ਟੀਮ ਵੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਫੋਰਸ ਪੰਜਾਬ ਵਿੱਚੋਂ ਯੋਜਨਾਬੱਧ ਢੰਗ ਨਾਲ ਹੋਣ ਵਾਲੀਆਂ ਵੱਡੀਆਂ ਵਾਰਦਾਤਾਂ ਨੂੰ ਜੜ੍ਹ ਤੋਂ ਖ਼ਤਮ ਕਰੇਗੀ ਅਤੇ ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜੇਗੀ।