ਗੁਰਿੰਦਰ ਸਿੰਘ
ਲੁਧਿਆਣਾ, 9 ਮਈ
ਸੂਬੇ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਪਟਿਆਲਾ ਵਿੱਚ ਧਰਮ ਦੇ ਨਾਮ ’ਤੇ ਅਮਨ ਅਤੇ ਭਾਈਚਾਰੇ ਨੂੰ ਤੋੜਨ ਲਈ ਕੀਤੀ ਗਈ ਹਿੰਸਾ ਅਤੇ ਵੱਖ ਵੱਖ ਧਰਮਾਂ ਬਾਰੇ ਕੀਤੀ ਜਾ ਰਹੀ ਭੜਕਾਊ ਬਿਆਨਬਾਜ਼ੀ ਨੂੰ ਪੰਜਾਬ ਖ਼ਿਲਾਫ਼ ਸਾਜ਼ਿਸ਼ ਦੱਸਦਿਆਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੁਰੰਤ ਇਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਅੱਜ ਇੱਥੇ ਸ਼ਾਹੀ ਇਮਾਮ ਨੇ ਕਿਹਾ ਕਿ ਧਰਮ ਦੇ ਨਾਮ ’ਤੇ ਇਹ ਗੁੰਡਾਗਰਦੀ ਪੰਜਾਬ ’ਚ ਨਹੀਂ ਚੱਲਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟਿਆਲਾ ਹਿੰਸਾ ਦੌਰਾਨ ਕੁਝ ਅਜਿਹੀਆਂ ਭੜਕਾਊ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਮੁਸਲਮਾਨਾਂ ਅਤੇ ਇਸਲਾਮ ਨੂੰ ਦੇਸ਼ ’ਚ ਰਹਿਣ ਦਾ ਕੋਈ ਹੱਕ ਨਹੀਂ। ਸ਼ਾਹੀ ਇਮਾਮ ਨੇ ਦੱਸਿਆ ਕਿ ਪੰਜਾਬ ਦੇ ਮੁਸਲਮਾਨਾਂ ਦਾ ਇੱਕ ਵਫ਼ਦ ਛੇਤੀ ਹੀ ਪੁਲੀਸ ਕਮਿਸ਼ਨਰ ਅਤੇ ਐੱਸਐੱਸਪੀ ਪਟਿਆਲਾ ਨੂੰ ਮਿਲ ਕੇ ਪਟਿਆਲਾ ਹਿੰਸਾ ’ਚ ਮੁਸਲਮਾਨਾਂ ਖ਼ਿਲਾਫ਼ ਭੜਕਾਊ ਭਾਸ਼ਣ ਦੇਣ ਅਤੇ ਇਸਲਾਮ ਧਰਮ ਦੀ ਬੇਅਦਬੀ ਕਰਨ ਵਾਲਿਆਂ ਦੀ ਸ਼ਨਾਖ਼ਤ ਕਰਵਾ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਸ਼ਿਕਾਇਤ ਦੇਵੇਗਾ।